ਸਰਕਾਰੀ ਮੁਲਾਜ਼ਮਾਂ ਨੂੰ ਮਿਲਣਗੇ ਗੱਫੇ , ਪੰਜਾਬ ਸਰਕਾਰ ਨੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਮੰਨੀਆਂ ਸਿਫਾਰਸ਼ਾਂ

TeamGlobalPunjab
3 Min Read

ਤਨਖਾਹਾਂ ਤੇ ਪੈਨਸ਼ਨਾਂ ਵਿੱਚ ਔਸਤਨ 20 ਫੀਸਦੀ ਵਾਧਾ

ਤਨਖਾਹਾਂ ਕਰੀਬ 2.59 ਗੁਣਾਂ ਵਧਣਗੀਆਂ

ਚੰਡੀਗੜ੍ਹ : ਪੰਜਾਬ ਸਰਕਾਰ ਨੇੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਸਬੰਧੀ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਛੇਵੇਂ ਤਨਖਾਹ ਕਮਿਸ਼ਨ ਨੇ ਸਾਰੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਦੋਗੁਣੇ ਤੋਂ ਵੱਧ ਵਾਧੇ ਦੀ ਸਿਫਾਰਸ਼ ਕੀਤੀ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਨਖਾਹ 6950 ਰੁਪਏ ਤੋਂ ਵਧਾ ਕੇ 18000 ਰੁਪਏ ਪ੍ਰਤੀ ਮਹੀਨਾ ਕਰਨ ਦੀ ਸਿਫਾਰਸ਼ ਕੀਤੀ ਹੈ। ਇਹ ਪਹਿਲੀ ਜਨਵਰੀ 2016 ਤੋਂ ਲਾਗੂ ਹੋਵੇਗਾ।

ਕਮਿਸ਼ਨ ਨੇ ਤਨਖਾਹਾਂ ਅਤੇ ਹੋਰ ਵੱਡੇ ਫਾਇਦਿਆਂ ਵਿੱਚ ਵੱਡੇ ਵਾਧੇ ਦੀ ਸਿਫਾਰਸ਼ ਕੀਤੀ ਹੈ ਅਤੇ ਸਰਕਾਰੀ ਮੁਲਾਜ਼ਮਾਂ ਦੇ ਭੱਤਿਆਂ ਵਿੱਚ ਚੋਖੇ ਵਾਧੇ ਦਾ ਵੀ ਸੁਝਾਅ ਦਿੱਤਾ ਹੈ। ਮੁਲਾਜ਼ਮਾਂ ਦੇ ਤਨਖਾਹਾਂ ਤੇ ਪੈਨਸ਼ਨਾਂ ਵਿੱਚ ਔਸਤਨ ਵਾਧਾ 20 ਫੀਸਦੀ ਦੇ ਕਰੀਬ ਹੋਣ ਦੀ ਸੰਭਾਵਨਾ ਹੈ। ਪੰਜਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨਾਲੋਂ ਤਨਖਾਹਾਂ ਵਿੱਚ 2.59 ਗੁਣਾਂ ਵਾਧਾ ਹੈ। ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਕੁਝ ਭੱਤਿਆਂ ਵਿੱਚ ਰੈਸਨੇਲਾਈਜੇਸ਼ਨ ਦੇ ਨਾਲ ਵੱਡੇ ਭੱਤਿਆਂ ਨੂੰ ਡੇਢ ਤੋਂ ਦੋਗੁਣੇ ਵਾਧੇ ਦਾ ਪ੍ਰਸਤਾਵ ਹੈ।

ਰਿਪੋਰਟ ਜਿਹੜੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਾਲ ਹੀ ਵਿੱਚ ਸੌਂਪੀ ਗਈ ਸੀ, ਵਿਸਥਾਰ ਵਿੱਚ ਅਧਿਐਨ ਲਈ ਵਿੱਤ ਵਿਭਾਗ ਨੂੰ ਭੇਜ ਦਿੱਤੀ ਗਈ ਹੈ ਅਤੇ ਨਾਲ ਹੀ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਇਸ ਉਤੇ ਅਗਲੇਰੀ ਕਰਵਾਈ ਲਈ ਇਸੇ ਮਹੀਨੇ ਕੈਬਨਿਟ ਵਿੱਚ ਪੇਸ਼ ਕੀਤਾ ਜਾਵੇ।

ਵਿਧਾਨ ਸਭਾ ਵਿੱਚ ਸਰਕਾਰ ਦੀ ਵਚਨਬੱਧਤਾ ਮੁਤਾਬਕ ਰਿਪੋਰਟ ਇਸ ਸਾਲ ਪਹਿਲੀ ਜੁਲਾਈ ਤੋਂ ਲਾਗੂ ਕੀਤੀ ਜਾਣੀ ਹੈ।

- Advertisement -

ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਛੇਵੇਂ ਵਿੱਤ ਕਮਿਸ਼ਨ ਦੇ ਸੁਝਾਵਾਂ ਦੀ ਸਕੀਮ ਅਨੁਸਾਰ ਪੈਨਸ਼ਨਾਂ ਤੇ ਡੀ.ਏ. ਵਿੱਚ ਪ੍ਰਭਾਵਸ਼ਾਲੀ ਵਾਧੇ ਦਾ ਪ੍ਰਸਤਾਵ ਹੈ ਜਦੋਂ ਕਿ ਪੱਕੇ ਮੈਡੀਕਲ ਭੱਤੇ ਅਤੇ ਡੈਥ ਕਮ ਰਿਟਾਇਰਮੈਂਟ ਗਰੈਚੂਟੀ ਦੋਗੁਣੀ ਕਰਨ ਦਾ ਪ੍ਰਸਤਾਵ ਹੈ। ਮੁਲਾਜ਼ਮਾਂ ਦੇ ਨਾਲ ਪੈਨਸ਼ਨਰਾਂ ਲਈ ਇਕੋ ਜਿਹੇ 1000 ਰੁਪਏ ਮੈਡੀਕਲ ਭੱਤੇ ਦਾ ਪ੍ਰਸਤਾਵ ਹੈ। ਡੈਥ ਕਮ ਰਿਟਾਇਰਮੈਂਟ ਗਰੈਚੂਟੀ ਨੂੰ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਕਰਨ ਦਾ ਪ੍ਰਸਤਾਵ ਹੈ।

ਕਮਿਸ਼ਨ ਨੇ ਇੰਜੀਨੀਅਰਿੰਗ ਸਟਾਫ ਨੂੰ ਡਿਜ਼ਾਇਨ ਭੱਤਾ ਅਤੇ ਪੁਲਿਸ ਮੁਲਾਜ਼ਮਾਂ ਨੂੰ ਕਿੱਟ ਸੰਭਾਲ ਭੱਤਾ ਦੁੱਗਣਾ ਕਰਨ ਅਤੇ ਨਾਲ ਹੀ ਮੋਬਾਈਲ ਭੱਤਾ 375 ਰੁਪਏ ਤੋਂ 750 ਰੁਪਏ ਕਰਨ ਦਾ ਸੁਝਾਅ ਵੀ ਦਿੱਤਾ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਤਨਖਾਹ ਅਤੇ ਪੈਨਸ਼ਨ ਸੰਬੰਧੀ ਸਿਫਾਰਸ਼ਾਂ ਨੂੰ ਲਾਗੂ ਕਰਨ ਦੀ ਸਿਫਾਰਸ਼ 01.01.2016 ਤੋਂ ਕੀਤੀ ਗਈ ਹੈ ਜਦੋਂ ਕਿ ਭੱਤੇ ਨਾਲ ਸਬੰਧਤ ਸਿਫਾਰਸ਼ਾਂ ਨੂੰ ਸਰਕਾਰ ਦੁਆਰਾ ਨੋਟੀਫਿਕੇਸ਼ਨ ਦੀ ਮਿਤੀ ਤੋਂ ਲਾਗੂ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ 01.01.2016 ਤੋਂ ਲਾਗੂ ਕਰਨ ਨਾਲ ਸੰਭਾਵਤ ਤੌਰ ‘ਤੇ 3500 ਕਰੋੜ ਰੁਪਏ ਸਾਲਾਨਾ ਵਾਧੂ ਖਰਚਾ ਹੋਵੇਗਾ।

ਕਮਿਸ਼ਨ ਨੇ ਅੱਗੇ ਸਿਫਾਰਸ਼ ਕੀਤੀ ਹੈ ਕਿ ਕੇਂਦਰੀ ਤਰਜ਼ ‘ਤੇ ਮਹਿੰਗਾਈ ਭੱਤੇ ਦੀ ਮੌਜੂਦਾ ਪ੍ਰਣਾਲੀ ਨੂੰ ਜਾਰੀ ਰੱਖਣਾ ਚਾਹੀਦਾ ਹੈ ਅਤੇ ਹਰ ਵਾਰ ਸੂਚਕਾਂਕ ਵਿਚ 50 ਫ਼ੀਸਦੀ ਵਾਧੇ ਨਾਲ ਮਹਿੰਗਾਈ ਭੱਤੇ ਨੂੰ ਮਹਿੰਗਾਈ ਤਨਖਾਹ ਵਿਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਨੂੰ ਸੇਵਾਮੁਕਤੀ ਦੇ ਲਾਭ ਸਮੇਤ ਸਾਰੇ ਉਦੇਸ਼ਾਂ ਲਈ ਮੰਨਿਆ ਜਾਣਾ ਚਾਹੀਦਾ ਹੈ।

Share this Article
Leave a comment