ਨਵੀਂ ਦਿੱਲੀ: ਸੰਵਿਧਾਨ ਨੂੰ ਅਪਣਾਏ ਜਾਣ ਦੇ 75 ਸਾਲ ਪੂਰੇ ਹੋਣ ਦੇ ਮੌਕੇ ‘ਤੇ ਕੇਂਦਰ ਸਰਕਾਰ ਮੰਗਲਵਾਰ ਤੋਂ ਸਾਲ ਭਰ ਦਾ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੀ ਹੈ। ਸਾਡਾ ਸੰਵਿਧਾਨ, ਸਾਡਾ ਸਵੈ-ਮਾਣ ਅਭਿਆਨ ਦੇ ਤਹਿਤ, ਇਸਦੀ ਸ਼ੁਰੂਆਤ ਪੁਰਾਣੇ ਸੰਸਦ ਭਵਨ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਨਾਲ ਹੋਵੇਗੀ, ਜਿਸ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸੰਬੋਧਿਤ ਕਰਨਗੇ। ਇਸ ਪ੍ਰੋਗਰਾਮ ‘ਚ ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਕੇਂਦਰੀ ਮੰਤਰੀਆਂ ਸਮੇਤ ਸੰਸਦ ਦੇ ਦੋਵੇਂ ਸਦਨਾਂ ਦੇ ਮੈਂਬਰ ਮੌਜੂਦ ਰਹਿਣਗੇ। ਸੰਵਿਧਾਨ ਸਭਾ ਨੇ 26 ਨਵੰਬਰ 1949 ਨੂੰ ਸੰਵਿਧਾਨ ਨੂੰ ਅਪਣਾਇਆ ਸੀ। ਇਸ ਨੂੰ ਬਾਅਦ ਵਿੱਚ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ।
ਸਰਕਾਰ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਨਾਗਰਿਕਾਂ ਨੂੰ ਸੰਵਿਧਾਨ ਦੀ ਵਿਰਾਸਤ ਨਾਲ ਜੋੜਨ ਲਈ ਇੱਕ ਵੈਬਸਾਈਟ – ‘constitution75.com’ ਬਣਾਈ ਗਈ ਹੈ। ਕੇਂਦਰੀ ਸੱਭਿਆਚਾਰਕ ਸਕੱਤਰ ਅਰੁਨੀਸ਼ ਚਾਵਲਾ ਨੇ ਦੱਸਿਆ ਕਿ ਦੇਸ਼ ਭਰ ਦੇ ਸਕੂਲਾਂ ਵਿੱਚ ਸੰਵਿਧਾਨ ਦੀ ਪ੍ਰਸਤਾਵਨਾ ਦਾ ਸਮੂਹਿਕ ਪਾਠ ਕੀਤਾ ਜਾਵੇਗਾ। ਸੰਵਿਧਾਨ ਸਭਾ ਦੀ ਪਹਿਲੀ ਮੀਟਿੰਗ 9 ਦਸੰਬਰ 1946 ਨੂੰ ਦਿੱਲੀ ਦੇ ਪੁਰਾਣੇ ਸੰਸਦ ਭਵਨ ਦੇ ਸੈਂਟਰਲ ਹਾਲ ਵਿੱਚ ਹੋਈ ਸੀ। ਚਾਵਲਾ ਨੇ ਦੱਸਿਆ ਕਿ ਇਸ ਇਤਿਹਾਸਕ ਮੌਕੇ ‘ਤੇ ਪੁਰਾਣੀ ਸੰਸਦ ਭਵਨ ਦੇ ਸੈਂਟਰਲ ਹਾਲ ‘ਚ ਇਕ ਪ੍ਰੋਗਰਾਮ ਕਰਵਾਇਆ ਜਾਵੇਗਾ, ਜਿਸ ਦੀ ਪ੍ਰਧਾਨਗੀ ਰਾਸ਼ਟਰਪਤੀ ਮੁਰਮੂ ਕਰਨਗੇ, ਜਦੋਂਕਿ ਪ੍ਰਧਾਨ ਮੰਤਰੀ ਮੋਦੀ ਵਿਸ਼ੇਸ਼ ਮਹਿਮਾਨ ਹੋਣਗੇ। ਉਪ ਰਾਸ਼ਟਰਪਤੀ ਧਨਖੜ ਅਤੇ ਲੋਕ ਸਭਾ ਸਪੀਕਰ ਬਿਰਲਾ ਵੀ ਇਸ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਸ ਮੌਕੇ ਇੱਕ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।