ਲੁਧਿਆਣਾ : ਜਿੱਥੇ ਪੰਜਾਬ ਵਿੱਚ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀ ਹੈ, ਤਾਂ ਬੀਜੇਪੀ ਇਸ ਦੇ ਹੱਕ ਵਿੱਚ ਨਿੱਤਰ ਰਹੀ ਹੈ। ਇਸ ਤਹਿਤ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਲੁਧਿਆਣਾ ‘ਚ ਖੇਤੀ ਕਾਨੂੰਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ ਹੈ। ਸੋਮ ਪ੍ਰਕਾਸ਼ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ‘ਚ ਕਿਸਾਨਾਂ ਦੇ ਵਿਰੋਧ ‘ਚ ਕੁਝ ਵੀ ਨਹੀਂ ਹੈ। ਕੇਂਦਰ ਸਰਕਾਰ ਮੰਡੀਆਂ ਖਤਮ ਕਰਨ ਜਾਂ ਜ਼ਮੀਨਾਂ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਜਾ ਰਹੀ ਹੈ। ਇਸ ਵਿਚ ਕੋਈ ਵੀ ਸੱਚਾਈ ਨਹੀਂ ਹੈ।
ਸੋਮ ਪ੍ਰਕਾਸ਼ ਨੇ ਕਿਹਾ ਕਿ ਜਿਣਸਾਂ ਦੇ ਘੱਟੋ ਘੱਟ ਖਰੀਦ ਮੁੱਲ ਨੂੰ ਵੀ ਕਿਸੇ ਕੀਮਤ ‘ਤੇ ਬੰਦ ਨਹੀਂ ਕੀਤਾ ਜਾਵੇਗਾ। ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਵੀ ਆਪਣੇ ਚੋਣ ਮੈਨੀਫੈਸਟੋ ਵਿੱਚ ਇਹ ਬਿੱਲ ਲਿਆਉਣ ਦੀ ਗੱਲ ਕੀਤੀ ਸੀ। ਪਰ ਹੁਣ ਕਾਂਗਰਸ ਇਸ ਮੁੱਦੇ ‘ਤੇ ਦੋਗਲੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦੇ ਸਾਰੇ ਖ਼ਦਸ਼ੇ ਦੂਰ ਕਰਨ ਲਈ ਤਿਆਰ ਹਾਂ।
ਸ਼੍ਰੋਮਣੀ ਅਕਾਲੀ ਦਲ ‘ਤੇ ਸਵਾਲ ਚੁੱਕਦੇ ਹੋਏ ਸੋਮ ਪ੍ਰਕਾਸ਼ ਨੇ ਕਿਹਾ ਕਿ ਪਹਿਲਾਂ ਅਕਾਲੀਆਂ ਨੇ ਬਿੱਲ ਨੂੰ ਸਹੀ ਕਿਹਾ ਸੀ ਅਤੇ ਹੁਣ ਸਿਆਸੀ ਮਜਬੂਰੀ ਕਰਕੇ ਉਹ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।