ਸੈਨ ਫ਼ਰਾਂਸਿਸਕੋ: ਨਵੇਂ ਖੇਤੀ ਕਾਨੂੰਨਾਂ ਨੂੰ ਲੈ ਜਿੱਥੇ ਪੰਜਾਬ ਦੇ ਕਿਸਾਨ ਲਗਾਤਾਰ ਕੇਂਦਰ ਸਰਕਾਰ ਦਾ ਵਿਰੋਧ ਕਰ ਰਹੇ ਹਨ, ਉਥੇ ਹੀ ਪੰਜਾਬ ਸਰਕਾਰ ਸਣੇ ਸਿਆਸੀ ਆਗੂ ਵੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਭਾਰਤ ਵਿਚ ਲਾਗੂ ਕੀਤੇ ਜਾ ਰਹੇ ਖੇਤੀ ਐਕਟ ਦਾ ਹੁਣ ਵਿਦੇਸ਼ਾਂ ‘ਚ ਵੀ ਤਿੱਖਾ ਵਿਰੋਧ ਸ਼ੁਰੂ ਹੋ ਗਿਆ ਹੈ।
ਅਮਰੀਕਾ ਦੇ ਕੈਲੇਫ਼ੋਰਨੀਆ ਸੂਬੇ ਵਿਚ ਭਾਰਤੀ ਕੌਂਸਲੇਟ ਅੱਗੇ ਇਕੱਠੇ ਹੋਏ ਐਨਆਰਆਈ ਭਾਈਚਾਰੇ ਨੇ ਕਿਸਾਨਾਂ ਦੇ ਹੱਕ ਵਿਚ ਰੋਸ ਵਿਖਾਵਾ ਕਰਦਿਆਂ ਖੇਤੀ ਐਕਟ ਰੱਦ ਕਰਨ ਦੀ ਮੰਗ ਕੀਤੀ।
ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨ ਵਿਰੋਧੀ ਕਾਨੂੰਨ ਲਾਗੂ ਕਰਕੇ ਕਿਸਾਨਾਂ ਨੂੰ ਗੁਲਾਮ ਬਣਾਉਣ ਚਾਹੁੰਦਾ ਹੈ। ਨਵੇਂ ਖੇਤੀ ਕਾਨੂੰਨ ਪੰਜਾਬੀ ਦੀ ਕਿਸਾਨੀ ਨੂੰ ਤਬਾਹ ਕਰ ਦੇਣਗੇ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਪਹਿਲਾਂ ਸਾਰੇ ਸਰਕਾਰੀ ਅਦਾਰੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਦਿਤੇ ਗਏ ਹਨ ਅਤੇ ਹੁਣ ਖੇਤੀ ਸੁਧਾਰਾਂ ਦੇ ਨਾਂ ‘ਤੇ ਕਾਲੇ ਕਾਨੂੰਨ ਲਿਆ ਕੇ ਖੇਤੀ ਅਤੇ ਕਿਸਾਨਾਂ ਨੂੰ ਵੀ ਅੰਬਾਨੀ ਅਤੇ ਅਡਾਨੀ ਦੇ ਹਵਾਲੇ ਕਰ ਕੇ ਮਜ਼ਦੂਰ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ।