ਅੰਮ੍ਰਿਤਸਰ: ਖੇਤੀ ਕਾਨੂੰਨਾਂ ਖਿਲਾਫ ਪੰਜਾਬ ‘ਚ ਹੋ ਰਹੇ ਧਰਨੇ ਪ੍ਰਦਰਸ਼ਨਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਲਈ ਦੂਸਰੀ ਵਾਰ ਸੱਦਾ ਭੇਜਿਆ ਸੀ। ਜਿਸ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਠੁਕਰਾ ਦਿੱਤਾ ਗਿਆ। ਕਿਸਾਨ ਬਾਜਿਦ ਹਨ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਉਹ ਆਪਣਾ ਅੰਦੋਲਨ ਖਤਮ ਨਹੀਂ ਕਰਨਗੇ।
ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸਿਰਫ਼ ਇੱਕ ਹੀ ਕਿਸਾਨ ਜਥੇਬੰਦੀ ਨੂੰ ਮੀਟਿੰਗ ਲਈ ਦਿੱਲੀ ਬੁਲਾਇਆ ਸੀ। ਜਿਸ ‘ਤੇ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਦੀ ਇੱਕ ਸਾਜਿਸ਼ ਦੱਸਦੇ ਹੋਏ ਕਿਹਾ ਸੀ, ਕਿ ਉਹ ਕਿਸਾਨਾਂ ਦਾ ਅੰਦੋਲਨ ਫਿੱਕਾ ਕਰਨ ਦੀ ਚਾਲ ਚੱਲ ਰਹੀ ਹੈ। ਉਦੋਂ ਵੀ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦਾ ਭੇਜਿਆ ਹੋਇਆ ਸੱਦਾ ਸਰਬਸੰਮਤੀ ਨਾਲ ਠੁਕਰਾ ਦਿੱਤਾ ਗਿਆ ਸੀ।
ਖੇਤੀਬਾੜੀ ਵਿਭਾਗ ਵੱਲੋਂ ਭੇਜੇ ਗਏ ਦੂਸਰੇ ਸੁਨੇਹੇ ਵਿੱਚ ਕਿਸਾਨ ਜਥੇਬੰਦੀਆਂ ਨੂੰ ੧੪ ਅਕਤੂਬਰ ਨੂੰ ਗੱਲਬਾਤ ਕਰਨ ਲਈ ਦਿੱਲੀ ਖੇਤੀ ਭਵਨ ਵਿੱਚ ਬੁਲਾਇਆ ਗਿਆ ਹੈ। ਇਸ ਵਾਰ ਕੇਂਦਰ ਸਰਕਾਰ ਨੇ 29 ਕਿਸਾਨ ਜਥੇਬੰਦੀਆਂ ਨੂੰ ਇਹ ਸੱਦਾ ਪੱਤਰ ਭੇਜਿਆ ਪਰ ਇਨ੍ਹਾਂ ‘ਚੋਂ ਹੁਣ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਇਹ ਨਿਉਤਾ ਠੁਕਰਾ ਦਿੱਤਾ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਵਿੱਚ ਰੇਲ ਟਰੈਕ ਜਾਮ ਕੀਤਾ ਹੋਇਆ ਹੈ। ਕਿਸਾਨ ਜਥੇਬੰਦੀ ਦਾ ਇਹ ਧਰਨਾ ਅੱਜ 19ਵੇਂ ਦਿਨ ਵਿੱਚ ਪਹੁੰਚ ਗਿਆ ਹੈ। ਇਸ ਧਰਨੇ ਦੀ ਅਗਵਾਈ ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਕਰ ਰਹੇ ਹਨ।