ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਸ਼ਤਾਬਦੀ ਸਮਾਰੋਹ 13 ਦਸੰਬਰ ਨੂੰ ਲੁਧਿਆਣਾ ਵਿਖੇ ਮਨਾਵੇਗਾ: ਢੀਂਡਸਾ

TeamGlobalPunjab
5 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੀ ਸੂਬਾ ਪੱਧਰੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਸੂਬੇ ਭਰ ਤੋਂ ਸੀਨੀਅਰ ਆਗੂ ਮੌਜੂਦ ਰਹੇ। ਇਸ ਮੀਟਿੰਗ ਵਿੱਚ ਮੁੱਖ ਤੌਰ ਤੇ ਪੰਜਾਬ ਦੇ ਸਿਆਸੀ ਸਮੀਕਰਨ ਉਤੇ ਚਰਚਾ ਕੀਤੀ ਗਈ ਅਤੇ ਅਕਾਲੀ ਦਲ ਡੈਮੋਕਰੈਟਿਕ ਦੇ ਮਹੱਤਵਪੂਰਨ ਰੋਲ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ। ਮੀਟਿੰਗ ਦੇ ਸ਼ੁਰੂ ਵਿਚ ਅਕਾਲੀ ਆਗੂਆਂ ਨੇ ਕਿਸਾਨ ਧਰਨਿਆਂ ਵਿਚ ਆਪਣੀ ਜਾਨ ਨਿਛਾਵਰ ਕਰਨ ਵਾਲੇ ਕਿਸਾਨ ਆਗੂਆਂ ਨੂੰ ਸ਼ਰਧਾਂਜਲੀ ਪੇਸ਼ ਕੀਤੀ ਅਤੇ ਸਰਕਾਰ ਪਾਸੋਂ ਮੰਗ ਕੀਤੀ ਕਿ ਆਪਣੀ ਜਾਨ ਨਿਸ਼ਾਵਰ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇ।

ਇਸ ਮੌਕੇ ਲਹਿਰਾਗਾਗਾ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾ, ਸਾਬਕਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਬੀਰਦਵਿੰਦਰ ਸਿੰਘ, ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ, ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਸਾਬਕਾ ਵਿਧਾਇਕ ਦੇਸ ਰਾਜ ਧੁੱਗਾ, ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, ਸਾਬਕਾ ਵਿਧਾਇਕ ਤਜਿੰਦਰਪਾਲ ਸਿੰਘ ਸਿੱਧੂ, ਸਾਬਕਾ ਆਰਟੀਆਈ ਕਮਿਸ਼ਨਰ ਨਿੱਧੜਕ ਸਿੰਘ ਬਰਾੜ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਿੱਠੂ ਸਿੰਘ ਕਾਹਨੇਕੇ, ਗੁਰਚਰਨ ਸਿੰਘ ਚੰਨੀ, ਸੁਖਵੰਤ ਸਿੰਘ ਸਰਾਓ, ਗੁਰਬਚਨ ਸਿੰਘ ਬੱਚੀ, ਰਜਿੰਦਰ ਸਿੰਘ ਕਾਂਝਲਾ, ਜੀਤ ਸਿੰਘ ਚੰਦੂਰਾਈਆਂ, ਮਨਜੀਤ ਸਿੰਘ ਬੱਪੀਆਣਾ, ਰਾਮਪਾਲ ਸਿੰਘ ਬਹਿਣੀਵਾਲ, ਤੇਜਿੰਦਰਪਾਲ ਸਿੰਘ ਸੰਧੂ, ਰਣਧੀਰ ਸਿੰਘ ਰੱਖੜਾ, ਸਰਬਜੀਤ ਸ਼ਿੰਘ ਡੂਮਵਾਲੀ, ਭਾਈ ਮੋਹਕਮ ਸਿੰਘ, ਮਨਜੀਤ ਸਿੰਘ ਦਸੂਹਾ, ਗੁਰਿੰਦਰ ਸਿੰਘ ਬਾਜਵਾ, ਪਰਮਜੀਤ ਸਿੰਘ ਖਾਲਸਾ, ਮਾਨ ਸਿੰਘ ਗਰਚਾ, ਦਲਜੀਤ ਸਿੰਘ ਲਾਲਪੁਰਾ, ਸਰੂਪ ਸਿੰਘ ਢੇਸੀ, ਹਰਜੀਤ ਕੌਰ ਤਲਵੰਡੀ, ਬੀਬੀ ਸਿਮਰਜੀਤ ਕੌਰ ਸਿੱਧੂ, ਡਿੰਪੀ ਮਾਨਸਾ, ਮੁਹੰਮਦ ਤੁਫ਼ੈਲ, ਸ਼ਿੰਦਰਪਾਲ ਸਿੰਘ ਬਰਾੜ, ਮਾਸਟਰ ਜੌਹਰ ਸਿੰਘ, ਗੁਰਨਾਮ ਸਿੰਘ, ਜਸਵਿੰਦਰ ਸਿੰਘ (ਓ ਐਸ ਡੀ ਸਰਦਾਰ ਸੁਖਦੇਵ ਸਿੰਘ ਢੀਂਡਸਾ), ਦਵਿੰਦਰ ਸਿੰਘ ਸੋਢੀ (ਸਿਆਸੀ ਸਲਾਹਕਾਰ ਸਰਦਾਰ ਸੁਖਦੇਵ ਸਿੰਘ ਢੀਂਡਸਾ), ਕਰਮਜੀਤ ਸਿੰਘ ਕੋਚਰ ਪ੍ਰਿੰਸ, ਭੁਪਿੰਦਰ ਸਿੰਘ ਬਜਰੂੜ, ਸੁਰਜੀਤ ਸਿੰਘ ਰੋਪੜ, ਗੁਰਸੇਵ ਸਿੰਘ ਹਰਪਾਲਪੁਰ, ਮੇਜਰ ਸਿੰਘ ਅਤੇ ਮਨਿੰਦਰ ਸਿੰਘ ਬਰਾੜ (ਦਫ਼ਤਰ ਸਕੱਤਰ) ਵਿਸ਼ੇਸ਼ ਤੋਰ ਤੇ ਸ਼ਾਮਿਲ ਸਨ।

ਮੀਟਿੰਗ ਤੋਂ ਬਾਅਦ ਜਾਰੀ ਪ੍ਰੈੱਸ ਬਿਆਨ ਵਿੱਚ ਸਰਦਾਰ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਸ਼ਤਾਬਦੀ ਸਮਾਰੋਹ 13 ਦਸੰਬਰ 2020 ਨੂੰ ਲੁਧਿਆਣਾ ਜ਼ਿਲੇ ਵਿਚ ਵੱਡਾ ਇਕੱਠ ਕਰਕੇ ਮਨਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮਾਣਮੱਤਾ ਇਤਿਹਾਸ ਰਿਹਾ ਹੈ ਅਤੇ ਅਨੇਕਾਂ ਮਹਾਂਪੁਰਸ਼ਾਂ ਅਤੇ ਸੂਰਵੀਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਆਪਣੇ ਸਥਾਪਕਾਂ ਤੋ ਸੇਧ ਲੈਂਦਾ ਰਹੇਗਾ ਅਤੇ ਕਿਸਾਨਾਂ, ਮਜ਼ਦੂਰਾਂ, ਦਲਿਤਾਂ, ਆਮ ਸ਼ਹਿਰੀਆਂ ਸਮੇਤ ਸਾਰੇ ਤਬਕਿਆਂ ਦੇ ਲਈ ਸੰਘਰਸ਼ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਲੁਧਿਆਣਾ ਜ਼ਿਲ੍ਹੇ ਵਿੱਚ ਭਾਰੀ ਇਕੱਠ ਕਰਕੇ ਅਕਾਲੀ ਦਲ ਦੇ ਇਤਿਹਾਸ ਬਾਰੇ ਆਮ ਲੋਕਾ ਨੂੰ ਜਾਣੂ ਕਰਵਾਇਆ ਜਾਵੇਗਾ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁੰਮ ਹੋਏ ਸਰੂਪਾ ਦੇ ਪਸ਼ਚਾਤਾਪ ਵਜੋਂ ਸ਼ੁਰੂ ਕੀਤੇ ਅਖੰਡ ਪਾਠਾਂ ਦੀ ਲੜੀ ਦੇ ਅਧੀਨ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) 8 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏਗਾ ਅਤੇ ਇਸ ਲੜੀ ਨੂੰ ਅੱਗੇ ਵੀ ਜਾਰੀ ਰੱਖੇਗਾ। ਇਸ ਬਾਰੇ ਬੋਲਦਿਆਂ ਸਰਦਾਰ ਢੀਂਡਸਾ ਨੇ ਕਿਹਾ ਕਿ ਮੌਜੂਦਾ ਨਿਜ਼ਾਮ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਖ ਨੂੰ ਵੱਟਾ ਲਾਇਆ ਹੈ ਅਤੇ ਸਮੂਹ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦਿਆਂ ਪੰਥ ਨੂੰ ਲਹਿਦੀ ਕਲਾ ਵੱਲ ਧੱਕਿਆ ਹੈ। ਉਨ੍ਹਾਂ ਕਿਹਾ ਕਿ ਆਉਂਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਪੰਥ ਬਾਦਲਾਂ ਨੂੰ ਜੜ੍ਹੋਂ ਪੁੱਟ ਕੇ ਬਾਹਰ ਸੁੱਟੇਗਾ ਅਤੇ ਸਿੱਖ ਪੰਥ ਦੇ ਅਸਲ ਨੁਮਾਇੰਦੇ ਧਰਮ ਪ੍ਰਚਾਰ ਦੇ ਕਾਰਜ ਲਈ ਅੱਗੇ ਆਉਣਗੇ। ਉਨ੍ਹਾਂ ਕਿਹਾ ਕਿ ਮੌਜੂਦਾ ਕਮੇਟੀ ਮੈਂਬਰ ਇਕ ਪਰਿਵਾਰ ਦੇ ਇਸ਼ਾਰੇ ਤੇ ਕਾਰਜ ਕਰ ਰਹੇ ਹਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸੰਭਾਲ ਤਕ ਕਰਨ ਵਿੱਚ ਅਸਫ਼ਲ ਸਿੱਧ ਹੋਏ ਹਨ।

ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਨੂੰ ਆਪਣਾ ਸਮਰਥਨ ਦਿੰਦਿਆਂ ਸਰਦਾਰ ਢੀਂਡਸਾ ਨੇ ਕਿਹਾ ਕਿ ਉਹ ਕਿਸਾਨ ਜਥੇਬੰਦੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ ਅਤੇ ਕਿਸਾਨ ਜਥੇਬੰਦੀਆਂ ਜੋ ਵੀ ਭਵਿੱਖ ਦਾ ਕਾਰਜਕਰਮ ਨਿਰਧਾਰਤ ਕਰਨਗੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਉਨ੍ਹਾਂ ਦੇ ਹਰ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਖੜ੍ਹੇਗਾ। ਉਨ੍ਹਾਂ ਸਿਆਸੀ ਪਾਰਟੀਆਂ ਨੂੰ ਕਿਸਾਨਾਂ ਦੇ ਮੁੱਦੇ ਉੱਤੇ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਅਤੇ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਵੱਖਰੇ ਪ੍ਰੋਗਰਾਮ ਨਾ ਆਰੰਭਣ ਦੀ ਤਾਕੀਦ ਕੀਤੀ।

Share This Article
Leave a Comment