ਪੰਜਾਬ ਯੂਨੀਵਰਸਿਟੀ ਬਾਰੇ ਸਥਿਤੀ ਸਪਸ਼ਟ ਕਰਨ ਮੁੱਖ ਮੰਤਰੀ-‘ਆਪ’

TeamGlobalPunjab
1 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਯੂਨੀਵਰਸਿਟੀ ਬਾਰੇ ਸਥਿਤੀ ਸਪਸ਼ਟ ਕਰਨ ਦੀ ਮੰਗ ਕੀਤੀ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ‘ਤੇ ਕੀਤੇ ਜਾ ਰਹੇ ਹਮਲਿਆਂ ਦੀ ਕੜੀ ਤਹਿਤ ਹੁਣ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਵੀ ਨਿਸ਼ਾਨਾ ਬਣਾਏ ਜਾਣ ਦੀਆਂ ਖ਼ਬਰਾਂ ਹਨ। ਜਿੰਨਾ ਅਨੁਸਾਰ ਮੋਦੀ ਸਰਕਾਰ ਪੰਜਾਬ ਯੂਨੀਵਰਸਿਟੀ ਦੀ ਲੋਕਤੰਤਰਿਕ ਢੰਗ ਨਾਲ ਚੁਣੀ ਜਾਂਦੀ ਸੈਨੇਟ ਦੀ ਥਾਂ ਕੇਂਦਰੀ ਬੋਰਡ ਗਠਿਤ ਕੀਤੇ ਜਾਣ ਦੀ ਤਜਵੀਜ਼ ਹੈ।

ਕੇਂਦਰ ਸਰਕਾਰ ਦਾ ਇਹ ਕਦਮ ਲੋਕਤੰਤਰਿਕ ਵਿਵਸਥਾ ਅਤੇ ਪੰਜਾਬ ਦੇ ਹਿੱਤਾਂ ‘ਤੇ ਸਿੱਧਾ ਹਮਲਾ ਹੈ। ਇਸ ਲਈ ਮੁੱਖ ਮੰਤਰੀ ਪੰਜਾਬ ਇਸ ਮਾਮਲੇ ‘ਚ ਤੁਰੰਤ ਦਖ਼ਲ ਦੇਣ ਅਤੇ ਪੰਜਾਬ ਦੇ ਲੋਕਾਂ ਨੂੰ ਅਸਲ ਸਥਿਤੀ ਤੋਂ ਜਾਣੂ ਕਰਵਾਉਣ ਕਿਉਂਕਿ ਜੇ ਇਹ ਤਜਵੀਜ਼ ਲਾਹੂ ਹੋ ਜਾਂਦੀ ਹੈ ਤਾਂ ਨਾ ਕੇਵਲ ਯੂਨੀਵਰਸਿਟੀ ਦੀ ਜਮਹੂਰੀ ਵਿਵਸਥਾ ਖ਼ਤਮ ਹੋਵੇਗੀ, ਸਗੋਂ ਪੰਜਾਬ ਦੇ ਯੂਨੀਵਰਸਿਟੀ ਪ੍ਰਬੰਧਨ ‘ਚ ਸਾਰੇ ਹੱਕ-ਹਕੂਕ ਖ਼ਤਮ ਹੋ ਜਾਣਗੇ।

‘ਆਪ’ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ ਹੈ ਅਤੇ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਸਥਾਪਿਤ ਕੀਤੀ ਰਾਜਧਾਨੀ ‘ਚ ਸਥਿਤ ਹੈ।

Share This Article
Leave a Comment