ਬਠਿੰਡਾ: ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਅੰਦੋਲਨ ਕੀਤੇ ਜਾ ਰਹੇ ਹਨ ਅਤੇ ਮੋਦੀ ਸਰਕਾਰ ਦਾ ਹਰ ਫਰੰਟ ਤੇ ਘਿਰਾਓ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੀਟਿੰਗਾਂ ਕਰਕੇ ਇਨ੍ਹਾਂ ਬਿੱਲਾਂ ਨੂੰ ਕਿਸਾਨਾਂ ਦੇ ਹਿੱਤ ਵਿੱਚ ਦੱਸਿਆ ਜਾ ਰਿਹਾ ਹੈ।
ਬਠਿੰਡਾ ਪੁੱਜੇ ਭਾਜਪਾ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਨੇ ਕਿਸਾਨ ਅੰਦੋਲਨ ਪਿੱਛੇ ਨਕਸਲਵਾਦ ਦੀ ਸ਼ੈਅ ਕਹਿਣ ਤੇ ਕਿਸਾਨ ਭੜਕ ਉਠੇ ਅਤੇ ਅੱਜ ਸਰਕਟ ਹਾਊਸ ਵਿੱਚ ਠਹਿਰੇ ਮਦਨ ਮੋਹਨ ਮਿੱਤਲ ਦਾ ਘਿਰਾਓ ਕਰ ਕੇ ਸੰਘਰਸ਼ੀ ਆਵਾਜ਼ ਬੁਲੰਦ ਕੀਤੀ। ਕਿਸਾਨਾਂ ਦੇ ਇਸ ਘਿਰਾਓ ਨਾਲ ਪੁਲਸ ਪ੍ਰਸ਼ਾਸਨ ਨੂੰ ਵੀ ਹੱਥਾਂ ਪੈਰਾਂ ਦੀ ਪੈ ਗਈ ਅਤੇ ਤੁਰੰਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ।
ਜ਼ਿਕਰਯੋਗ ਹੈ ਕਿ ਬਠਿੰਡਾ ਵਿਖੇ ਪੱਤਰਕਾਰ ਵਾਰਤਾ ਦੌਰਾਨ ਭਾਜਪਾ ਆਗੂ ਮਦਨ ਮੋਹਨ ਮਿੱਤਲ ਵੱਲੋਂ ਕਿਸਾਨ ਅੰਦੋਲਨ ਤੇ ਬਾਹਰੀ ਤਾਕਤਾਂ ਅਤੇ ਨਕਸਲਵਾਦੀ ਸ਼ੈਅ ਦਾ ਜਵਾਬ ਦਿੱਤਾ ਗਿਆ ਸੀ ਅਤੇ ਜਦੋਂ ਇਸ ਗੱਲ ਦਾ ਕਿਸਾਨਾਂ ਨੂੰ ਪਤਾ ਲੱਗਿਆ ਤਾਂ ਭਾਰਤੀ ਜਨਤਾ ਪਾਰਟੀ ਦੇ ਇਸ ਆਗੂ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਦੀ ਅਗਵਾਈ ਵਿੱਚ ਇਕੱਤਰ ਕਿਸਾਨਾਂ ਨੇ ਘਿਰਾਓ ਕਰ ਕੇ ਮੋਦੀ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ।