ਚੰਡੀਗੜ੍ਹ: ਖੇਤੀ ਕਾਨੂੰਨ ਖਿਲਾਫ਼ ਪੰਜਾਬ ਕਾਂਗਰਸ ਵੱਲੋਂ ਦਿੱਲੀ ‘ਚ ਧਰਨਾ ਦਿੱਤਾ ਗਿਆ। ਕੇਂਦਰ ਸਰਕਾਰ ਖਿਲਾਫ਼ ਪੰਜਾਬ ਕਾਂਗਰਸ ਦੇ ਵਿਧਾਇਕ ਤੇ ਕੈਬਿਨੇਟ ਮੰਤਰੀ ਪਹੁੰਚੇ ਜਿਹਨਾਂ ਦੀ ਅਗਵਾਈ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ‘ਤੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਮੋਦੀ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਜੋ ਸੰਵਿਧਾਨ ਤੌਰ ‘ਤੇ ਬਿਲਕੁੱਲ ਗਲਤ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨ ‘ਤੇ ਬੋਲਦੇ ਹੋਏ ਕਿਹਾ ਕਿ ਜਿਹੜੇ ਕਾਨੂੰਨ ਲਾਗੂ ਕੀਤੇ ਹਨ ਇਸ ਨਾਲ ਕਿਸਾਨੀ ਤਬਾਹ ਹੋ ਜਾਵੇਗੀ। ਕਿਸਾਨਾਂ ਨੂੰ ਇਸ ਨਾਲ ਕੋਈ ਲਾਭ ਨਹੀਂ ਮਿਲਣ ਵਾਲਾ ਹੈ।
ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ‘ਚ ਬਿਜਲੀ ਸੰਕਟ ‘ਤੇ ਬੋਲਦੇ ਹੋਏ ਕਿਹਾ ਕਿ ਪੰਜਾਬ ‘ਚ ਕੇਂਦਰ ਸਰਕਾਰ ਨੇ ਮਾਲ ਗੱਡੀਆਂ ਰੋਕ ਲਗਾ ਕੇ ਬਹੁਤ ਗਲਤ ਕੀਤਾ ਹੈ। ਜਿਸ ਕਾਰਨ ਪੰਜਾਬ ‘ਚ ਬਿਜਲੀ ਪੈਦਾ ਕਰਨ ਲਈ ਕੋਲਾ ਖ਼ਤਮ ਹੋ ਗਿਆ ਹੈ। ਅਸੀਂ ਬਚੇ ਹੋਏ ਫੰਡਾਂ ਰਾਹੀਂ ਨੈਸ਼ਨਲ ਗਰਿੱਡ ਤੋਂ ਬਿਜਲੀ ਖ਼ਰੀਦ ਕਰ ਰਹੇ ਹਾਂ। ਕੇਂਦਰ ਸਰਕਾਰ ਨੇ ਹਾਲੇ ਤਕ ਪੰਜਾਬ ਨੂੰ ਜੀਐਸਟੀ ਦਾ ਬਕਾਇਆ ਨਹੀਂ ਦਿੱਤਾ। ਕੇਂਦਰ ਵੱਲ ਪੰਜਾਬ ਦਾ 10,000 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਹੈ।