ਚੰਡੀਗੜ੍ਹ: ਕੇਂਦਰੀ ਜਾਂਚ ਏਜੰਸੀ ਸੀਬੀਆਈ ਵੱਲੋਂ ਕਿਸੇ ਵੀ ਕੇਸ ਦੀ ਜਾਂਚ ਪੰਜਾਬ ਵਿੱਚ ਕਰਨ ‘ਤੇ ਕੈਪਟਨ ਸਰਕਾਰ ਨੇ ਬਰੇਕਾਂ ਲਗਾ ਦਿੱਤੀਆਂ ਹਨ। ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਕਿਹਾ ਕਿ ਸੀਬੀਆਈ ਨੂੰ ਜਾਂਚ ਕਰਨ ਤੋਂ ਪਹਿਲਾਂ ਸੂਬਾ ਸਰਕਾਰ ਤੋਂ ਸਹਿਮਤੀ ਲੈਣੀ ਪਵੇਗੀ। ਇਸ ਸਬੰਧੀ ਸੂਬੇ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਦੇ ਦਸਤਖ਼ਤਾਂ ਹੇਠ ਨੋਟੀਫਿਕੇਸ਼ਨ 6 ਨਵੰਬਰ ਨੂੰ ਹੀ ਜਾਰੀ ਕਰ ਦਿੱਤਾ ਗਿਆ ਸੀ। ਹੁਣ ਸੂਬਾ ਸਰਕਾਰ ਇਸ ਨੂੰ ਅਮਲੀ ਜਾਮਾ ਪਹਿਨਾਉਣ ਦੀ ਤਿਆਰੀ ਕਰ ਰਹੀ ਹੈ।
ਪੰਜਾਬ ਸਰਕਾਰ ਤੋਂ ਇਲਾਵਾ ਮਹਾਰਾਸ਼ਟਰ, ਆਂਧਰਾ ਪ੍ਰਦੇਸ਼ ਅਤੇ ਪੱਛਮੀ ਬੰਗਾਲ ਸੂਬਿਆਂ ਨੇ ਵੀ ਸੀਬੀਆਈ ਦੀ ਸਿੱਧੀ ਕਾਰਵਾਈ ‘ਤੇ ਰੋਕ ਲਗਾਈ ਹੋਈ ਹੈ।
ਕੈਪਟਨ ਸਰਕਾਰ ਮੁਤਾਬਕ ਸੂਬੇ ਵੱਲੋਂ CBI ਨੂੰ ਕਾਰਵਾਈ ਕਰਨ ਦੀ ਆਮ ਸਹਿਮਤੀ ਦਿੱਤੀ ਹੋਈ ਸੀ ਜਿਸ ਨੂੰ ਨੋਟੀਫਿਕੇਸ਼ਨ ਰਾਹੀਂ ਵਾਪਸ ਲੈ ਲਿਆ ਗਿਆ ਹੈ। ਇਸ ਤਰ੍ਹਾਂ ਦੀ ਕਾਰਵਾਈ ਦੇਸ਼ ਦੇ ਉਨ੍ਹਾਂ ਸੱਤ ਸੂਬਿਆਂ ਵੱਲੋਂ ਅਮਲ ਵਿੱਚ ਲਿਆਂਦੀ ਗਈ ਹੈ ਜਿਨ੍ਹਾਂ ਸੂਬਿਆਂ ਵਿੱਚ ਗ਼ੈਰ ਭਾਜਪਾ ਸਰਕਾਰਾਂ ਚੱਲ ਰਹੀਆਂ ਹਨ।