ਚੰਡੀਗੜ੍ਹ : ਖੇਤੀ ਕਾਨੂੰਨ ਮੁੱਦੇ ‘ਤੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਕਿਸਾਨ ਜਥੇਬੰਦੀਆਂ ਨੇ ਵੱਡਾ ਫੈਸਲਾ ਲਿਆ ਹੈ। ਚੰਡੀਗੜ੍ਹ ‘ਚ ਅੱਜ 30 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ। ਜਿਸ ਵਿੱਚ ਫੈਸਲਾ ਲਿਆ ਗਿਆ ਕਿ ਜਥੇਬੰਦੀਆਂ ਦਿੱਲੀ ਜਾਣਗੀਆਂ। ਹਾਲਾਂਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਦੇ ਸੱਦੇ ਨੂੰ ਠੁਕਰਾ ਦਿੱਤਾ ਸੀ। ਇਸ ਤੋਂ ਇਲਾਵਾ ਚੰਡੀਗੜ੍ਹ ਮੀਟਿੰਗ ‘ਚ ਕਿਸਾਨਾਂ ਨੇ ਸਾਫ਼ ਕਹਿ ਦਿੱਤਾ ਹੈ ਕਿ ਇਹ ਮੀਟਿੰਗ ਖੇਤੀ ਕਾਨੂੰਨ ਰੱਦ ਕਰਵਾਉਣ ਸਬੰਧੀ ਹੋਵੇਗੀ। ਕਿਸਾਨਾਂ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਕਦੀ ਨਹੀਂ ਭੱਜੇ ਸਗੋਂ ਅਸੀਂ ਚਾਹੁੰਦੇ ਹਾਂ ਕਿ ਇਸ ਮਸਲੇ ਦਾ ਹੱਲ ਗੱਲਬਾਤ ਜ਼ਰੀਏ ਹੀ ਨਿੱਕਲ ਜਾਵੇ।
ਕਿਸਾਨਾਂ ਨੇ ਕਿਹਾ ਕਿ ਕੇਂਦਰ ਦੇ ਨਾਲ ਸਿਰਫ਼ ਇੱਕ ਹੀ ਗੱਲ ਹੋਵੇਗੀ ਕਿ ਖੇਤੀ ਕਾਨੂੰਨ ਰੱਦ ਹੋਣ। ਜੇਕਰ ਗੱਲ ਨਹੀਂ ਮੰਨੀ ਗਈ ਤਾਂ 26 ਨਵੰਬਰ ਤੇ 27 ਨਵੰਬਰ ਨੂੰ ਦਿੱਲੀ ਚਲੋ ਦਾ ਨਾਅਰਾ ਦਿੱਤਾ ਹੋਇਆ। ਫਿਰ ਹਜ਼ਾਰਾਂ ਦੀ ਗਿਣਤੀ ‘ਚ ਟਰੈਕਟਰ ਟ੍ਰਾਲੀਆਂ ਤੇ ਲੱਖਾਂ ਦੀ ਗਿਣਤੀ ‘ਚ ਕਿਸਾਨ ਇਕੱਠੇ ਹੋ ਕੇ ਦਿੱਲੀ ਪੱਕੇ ਮੋਰਚੇ ਲਾਏ ਜਾਣਗੇ। ਇਸ ਦੇ ਨਾਲ ਹੀ ਕਿਸਾਨਾਂ ਨੇ ਕਿਹਾ ਕਿ ਜਥੇਬੰਦੀਆਂ ਪਿਛਲੇ 45 ਦਿਨਾਂ ਤੋਂ ਅੰਦੋਲਨ ਕਰ ਰਹੀਆਂ ਹਨ। ਜੇਕਰ ਮੀਟਿੰਗ ‘ਚ ਵੀ ਹੱਲ ਨਾ ਨਿਕਲਿਆਂ ਤਾ ਇਹ ਅੰਦੋਲਨ ਚੱਲਦੇ ਰਹਿਣਗੇ।