ਨਵੀਂ ਦਿੱਲੀ: ਖੇਤੀ ਕਾਨੂੰਨ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਭਖਦਾ ਜਾ ਰਿਹਾ ਹੈ। ਪੰਜਾਬ ਹਰਿਆਣਾ ਦੇ ਨਾਲ-ਨਾਲ ਹੁਣ ਉੱਤਰ ਪ੍ਰਦੇਸ਼ ਤੋਂ ਵੀ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਨੂੰ ਕੂਚ ਕਰ ਰਹੇ ਹਨ।
ਦਿੱਲੀ ਉੱਤਰ ਪ੍ਰਦੇਸ਼ ਸਰਹੱਦ ਤੇ ਕਿਸਾਨਾਂ ਦਾ ਰੋਸ ਸਵੇਰੇ-ਸਵੇਰੇ ਦੇਖਣ ਨੂੰ ਮਿਲਿਆ। ਇਸ ਸਰਹੱਦ ‘ਤੇ ਅੰਦੋਲਨਕਾਰੀ ਕਿਸਾਨਾਂ ਨੇ ਪੁਲਿਸ ਵੱਲੋਂ ਲਗਾਏ ਬੈਰੀਕੇਡ ਹੇਠਾਂ ਸੁੱਟ ਦਿੱਤੇ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸੜਕਾਂ ‘ਤੇ ਉਤਰ ਕੇ ਚੱਕਾ ਜਾਮ ਵੀ ਕੀਤਾ।
ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਨੂੰ ਲਗਦੀਆਂ ਸਾਰੀਆਂ ਸਰਹੱਦਾਂ ‘ਤੇ ਕਿਸਾਨ ਧਰਨਾ ਦੇ ਰਹੇ ਹਨ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਸਮਝਾਉਣ ਦੇ ਲਈ ਬੀਤੇ ਦਿਨ ਵੀ ਮੀਟਿੰਗ ਕੀਤੀ ਸੀ ਜੋ ਬੇਸਿੱਟਾ ਰਹੀ। ਕਿਸਾਨ ਬਜ਼ਿੱਦ ਹਨ ਕਿ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤਕ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।