ਚੰਡੀਗੜ੍ਹ (ਅਵਤਾਰ ਸਿੰਘ): ਹਰਿਆਣਾ ਵਿਚੋਂ ਹੋ ਕੇ ਦਿੱਲੀ ਸ਼ਾਂਤਮਈ ਜਾ ਰਹੇ ਪੰਜਾਬ ਦੇ ਕਿਸਾਨਾਂ ਉਪਰ ਹਰਿਆਣਾ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ ਮਾਰ ਕੇ ਕੀਤੇ ਗਏ ਤਸ਼ੱਦਦ ਦੇ ਖਿਲਾਫ ਹਰੇਕ ਦੇ ਮਨ ਵਿੱਚ ਗੁੱਸਾ ਅਤੇ ਰੋਸ ਹੈ। ਇਸ ਦੇ ਵਿਰੋਧ ਵਿੱਚ ਅੱਜ ਚੰਡੀਗੜ੍ਹ ਵਿੱਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕਾਰਕੁਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਦੇ ਮਨੋਹਰ ਲਾਲ ਖੱਟਰ ਦੇ ਖਿਲਾਫ ਮੁੱਖ ਮੰਤਰੀ ਨਿਵਾਸ ਅੱਗੇ ਜਾ ਕੇ ਰੋਸ ਪ੍ਰਦਰਸ਼ਨ ਕੀਤਾ।
ਉਹ ਮੰਗ ਕਰ ਰਹੇ ਸਨ ਕਿ ਮੁੱਖ ਮੰਤਰੀ ਕਿਸਾਨਾਂ ਤੋਂ ਮਾਫੀ ਮੰਗੇ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਉਨ੍ਹਾਂ ਉਪਰ ਪਾਣੀ ਦੀਆਂ ਬੁਛਾੜਾਂ ਮਾਰੀਆਂ। ਇਸ ਤੋਂ ਇਲਾਵਾ ਪੁਲਿਸ ਨੇ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮਨੋਹਰ ਲਾਲ ਖੱਟਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਉਹ ਖੇਤੀ ਖਿਲਾਫ ਬਣਾਏ ਗਏ ਕਾਲੇ ਕਾਨੂੰਨ ਰੱਦ ਕਰਨ ਦੀ ਵੀ ਮੰਗ ਕਰ ਰਹੇ ਸਨ।