ਚੰਡੀਗੜ੍ਹ : ਕਿਸਾਨ ਜਥੇਬੰਦੀਆਂ ਅਤੇ ਟਰੱਕ ਯੂਨੀਅਨਾਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸ ਨੂੰ ਦੇਖਦੇ ਹੋਏ ਹੁਣ ਸਿਆਸੀ ਪਾਰਟੀਆਂ ਵੀ ਕਿਸਾਨਾਂ ਦੇ ਹੱਕ ‘ਚ ਨਿੱਤਰੀਆਂ ਹਨ। ਕਾਂਗਰਸ, ਆਮ ਆਦਮੀ ਪਾਰਟੀ ਅਤੇ ਤ੍ਰਿਣਮੂਲ ਕਾਂਗਰਸ ਨੇ ਭਾਰਤ ਬੰਦ ਦੀ ਹਿਮਾਇਤ ਕੀਤੀ ਹੈ। ਆਮ ਆਦਮੀ ਪਾਰਟੀ ਦੇ ਵਰਕਰ ਵੀ ਸਾਰੇ ਸੂਬਿਆਂ ‘ਚ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਨਗੇ। ਹਲਾਂਕਿ ਕਿਸਾਨਾਂ ਜਥੇਬੰਦੀਆਂ ਨੇ ਫੈਸਲਾ ਲਿਆ ਹੈ ਕਿ ਉਹਨਾਂ ਦੇ ਧਰਨਿਆਂ ‘ਚ ਕੋਈ ਵੀ ਸਿਆਸੀ ਲੀਡਰ ਸ਼ਾਮਲ ਨਹੀਂ ਹੋਵੇਗਾ।
ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਖੇਤੀ ਕਾਨੂੰਨ ਖਿਲਾਫ਼ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ। ਜੋ ਅੱਜ 11ਵੇਂ ਦਿਨ ‘ਚ ਸ਼ਾਮਲ ਹੋ ਗਿਆ ਹੈ। ਕਿਸਾਨ ਮੰਗ ਕਰ ਰਹੇ ਹਨ ਤਿੰਨ ਖੇਤੀ ਕਾਨੂੰਨ ਰੱਦ ਕੀਤੇ ਜਾਣ ਪਰ ਕੇਂਦਰ ਸਰਕਾਰ ਅੜੀ ਹੋਈ ਹੈ ਕਿ ਅਸੀਂ ਇਹਨਾਂ ਵਿੱਚ ਸਿਰਫ਼ ਸੋਧਾਂ ਹੀ ਕਰ ਸਕਦੇ ਹਾਂ। ਜਿਸ ਨੂੰ ਦੇਖਦੇ ਹੋਏ ਕਿਸਾਨਾਂ ਦਾ ਰੋਸ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਲਈ ਕਿਸਾਨਾਂ ਨੂੰ ਪੰਜਾਬ ਦੀਆਂ ਟਰੱਕ ਯੂਨੀਅਨਾਂ ਨੇ ਸਮਰਥਨ ਦਿੱਤਾ ਅਤੇ 8 ਦਸੰਬਰ ਨੂੰ ਭਾਰਤ ਬੰਦ ਕਰਨ ਦਾ ਫੈਸਲਾ ਲਿਆ। ਕਿਸਾਨਾਂ ਨੇ ਟਰੱਕ ਯੂਨੀਅਨਾਂ ਦੇ ਸਮਰਥਨ ਦਾ ਸਵਾਗਤ ਕਰਦਿਆਂ ਭਾਰਤ ਬੰਦ ਦੇ ਸੱਦੇ ਨੂੰ ਸਵਿਕਾਰ ਕਰ ਲਿਆ। ਹੁਣ ਇਸ ਸੱਦੇ ਦੀ ਹਿਮਾਇਤ ਕਾਂਗਰਸ, ਆਮ ਆਦਮੀ ਪਾਰਟੀ ਅਤੇ ਤ੍ਰਿਣਮੂਲ ਕਾਂਗਰਸ ਨੇ ਵੀ ਕੀਤੀ ਹੈ।