ਨਵੀਂ ਦਿੱਲੀ : ਖੇਤੀ ਕਾਨੂੰਨ ਖਿਲਾਫ਼ ਹੋ ਰਹੇ ਅੰਦੋਲਨ ਦਾ ਮੁੱਦਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਅੱਜ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਕਿ ਕਿੰਨੀ ਵਾਰ ਕਿਸਾਨਾਂ ਨਾਲ ਮਸਲਾ ਸੁਲਝਾਉਣ ਲਈ ਕੇਂਦਰ ਸਰਕਾਰ ਨੇ ਗੱਲਬਾਤ ਕੀਤੀ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਇਹ ਵੀ ਪੁੱਛਿਆ ਕਿ ਦਿੱਲੀ ਦੀਆਂ ਕਿਹੜੀਆਂ ਕਿਹੜੀਆਂ ਸਰਹੱਦਾਂ ‘ਤੇ ਕਿਸਾਨ ਧਰਨਾ ਦੇ ਰਹੇ ਹਨ।
ਅੱਜ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਦੇ ਅੰਦਰ ਮਾਹੌਲ ਕਾਫ਼ੀ ਗਰਮ ਰਿਹਾ। ਕੇਂਦਰ ਸਰਕਾਰ, ਪੰਜਾਬ ਸਰਕਾਰ, ਦਿੱਲੀ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਤਿੱਖੀ ਬਹਿਸ ਹੋਈ।
ਸਭ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਕਿਸਾਨ ਜਥੇਬੰਦੀਆਂ ਨਾਲ 5 ਵਾਰ ਗੱਲਬਾਤ ਹੋਈ ਸੀ ਜੋ ਬੇਸਿੱਟਾ ਰਹੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਇਸ ਮਸਲੇ ਦਾ ਹੱਲ ਜਲਦ ਤੋਂ ਜਲਦ ਕੱਢਿਆ ਜਾਵੇ ਅਤੇ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਮਾਹੌਲ ਬਣਾਵੇ।
ਇਸ ਤੋਂ ਇਲਾਵਾ ਸੁਣਵਾਈ ਦੌਰਾਨ ਚੀਫ਼ ਜਸਟਿਸ ਆਫ਼ ਇੰਡੀਆ ਨੇ ਕਿਹਾ ਹੈ ਕਿ ਉਹ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ ਹੈ। ਅਸੀਂ ਇਸ ਵਿੱਚ ਦਖ਼ਲ ਨਹੀਂ ਦਿਆਂਗੇ ਪਰ ਇਸ ਮੁਜ਼ਾਹਰੇ ਨੂੰ ਕਰਨ ਦੇ ਤਰੀਕੇ ਬਾਰੇ ਅਸੀਂ ਵਿਚਾਰ ਕਰਾਂਗੇ।