ਨਵੀਂ ਦਿੱਲੀ : ਖੇਤੀ ਕਾਨੂੰਨ ਖਿਲਾਫ਼ ਦਿੱਲੀ ਦੀਆਂ ਬਰੂਹਾਂ ‘ਤੇ ਕਿਸਾਨ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਕੇਂਦਰ ਸਰਕਾਰ ਨੂੰ ਕਾਨੂੰਨ ਵਾਪਸ ਲੈਣ ਲਈ ਮੰਗ ਕਰ ਰਹੇ ਹਨ। ਇਸੇ ਵਿਚਾਲੇ ਦੂਜੇ ਪਾਸੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ ਵੱਖਰਾ ਰੂਪ ਦੇਣ ਨੂੰ ਮਿਲਿਆ। ਪ੍ਰਧਾਨ ਮੰਤਰੀ ਮੋਦੀ ਚੁੱਪ ਚਪੀਤੇ ਹੀ ਕੇਸਰੀ ਰੰਗ ਦੇ ਕੱਪੜੇ ਪਹਿਣ ਕੇ ਸ੍ਰੀ ਰਕਾਬ ਗੰਜ ਸਾਹਿਬ ਗੁਰਦੁਆਰਾ ਪਹੁੰਚੇ। ਗੁਰਦੁਆਰਾ ਆਉਂਦੇ ਸਮੇਂ ਉਹਨਾਂ ਨਾਲ ਜ਼ਿਆਦਾ ਸੁਰੱਖਿਆ ਮੌਜੂਦ ਨਹੀਂ ਸੀ।
ਇੱਥੇ ਪਹੁੰਚ ਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਿਜਦਾ ਕੀਤਾ ਅਤੇ ਰੁਮਾਲਾ ਸਾਹਿਬ ਵੀ ਭੇਂਟ ਕੀਤਾ। ਬਿਨਾ ਸੁਰੱਖਿਆ ਗਾਰਡਾਂ ਦੇ ਪਹੁੰਚੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਇੱਕ ਆਮ ਸ਼ਰਧਾਲੂ ਬਣ ਕੇ ਆਏ ਸਨ। ਪ੍ਰਧਾਨ ਮੰਤਰੀ ਦੀ ਇਸ ਫੇਰੀ ‘ਤੇ ਕਿਸਾਨਾਂ ਨੇ ਕਿਹਾ ਕਿ ਇਹ ਇੱਕ ਸਿਆਸੀ ਸਟੰਟ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਿੱਖਾਂ ਦੀਆਂ ਭਾਵਨਾਵਾਂ ਨੂੰ ਬਟੋਰ ਰਹੇ ਹਨ। ਪਰ ਅਸੀਂ ਖੇਤੀ ਕਾਨੂੰਨਾਂ ਨਾਲ ਕੋਈ ਸਮਝੌਤਾ ਨਹੀਂ ਕਰਾਂਗੇ। ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਜਾਵਾਂਗੇ।