ਨਵੀਂ ਦਿੱਲੀ: ਕਿਸਾਨਾਂ ਦਾ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਅੱਜ ਦਿੱਲੀ ਦੀਆਂ ਸਰਹੱਦਾਂ ਤੇ ਚਲਦੇ ਅੰਦੋਲਨ ਨੂੰ 35 ਦਿਨ ਪੂਰੇ ਹੋ ਚੁੱਕੇ ਹਨ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਵੀ ਸਾਫ ਕਰ ਦਿੱਤਾ ਹੈ ਕਿ ਜਦੋਂ ਤਕ ਕਾਨੂੰਨ ਵਾਪਸ ਨਹੀਂ ਹੁੰਦੇ ਉਦੋਂ ਤੱਕ ਘਰ ਵਾਪਸੀ ਨਹੀਂ ਹੋਵੇਗੀ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਟਿਕਰੀ ਬਾਰਡਰ ਤੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 30 ਦਸੰਬਰ ਦੀ ਮੀਟਿੰਗ ‘ਚ ਕਾਲੇ ਕਾਨੂੰਨ ਰੱਦ ਕਰਨ ਤੋਂ ਬਿਨਾਂ ਕਿਸੇ ਸੋਧ ਨੂੰ ਪ੍ਰਵਾਨ ਨਹੀਂ ਕੀਤਾ ਜਾਵੇਗਾ ਅਤੇ ਇਨ੍ਹਾਂ ਦੀ ਮੁਕੰਮਲ ਵਾਪਸੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦੇ ਨਾਲ ਕਿਸਾਨ ਜਥੇਬੰਦੀਆਂ ਨੇ ਦਿੱਲੀ ਵਿਚ ਸੰਘਰਸ਼ ਨੂੰ ਹੋਰ ਤੇਜ਼ ਅਤੇ ਵਿਸ਼ਾਲ ਕਰਨ ਦੇ ਲਈ ਝੰਡਾ ਚੁੱਕ ਲਿਆ ਹੈ।
ਇਸ ਦੇ ਨਾਲ ਹੀ ਅੱਜ ਹਰਿਆਣਾ ਦੇ ਪਿੰਡਾਂ ‘ਚ ਖੇਤੀ ਕਾਨੂੰਨ ਖ਼ਿਲਾਫ਼ ਝੰਡਾ ਮਾਰਚ ਵੀ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਟਿਕਰੀ ਬਾਰਡਰ ਤੋਂ ਲੈ ਕੇ ਸ਼ਾਹਜਹਾਂਪੁਰ ਬਾਰਡਰ ਤੱਕ ਵਿਸ਼ਾਲ ਮਾਰਚ ਕੱਢਣ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।