ਨਵੀਂ ਦਿੱਲੀ : ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ 7ਵੇਂ ਗੇੜ ਦੀ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਦਿੱਲੀ ਦੇ ਵਿਗਿਆਨ ਭਵਨ ਵਿੱਚ ਕਿਸਾਨ ਜਥੇਬੰਦੀਆਂ ਦੇ ਲੀਡਰ ਪਹੁੰਚ ਗਏ ਹਨ। ਕਿਸਾਨਾਂ ਨਾਲ ਕੇਂਦਰ ਸਰਕਾਰ ਦੇ ਤਿੰਨ ਮੰਤਰੀ ਇਸ ਮੀਟਿੰਗ ਵਿੱਚ ਸ਼ਾਮਲ ਹਨ। ਅੱਜ ਦੀ ਮੀਟਿੰਗ ਕਿਸਾਨ ਅੰਦੋਲਨ ਦੀ ਰੂਪ ਰੇਖਾ ਤੈਅ ਕਰੇਗੀ। ਜੇਕਰ ਕਿਸਾਨਾਂ ਦੀਆਂ ਮੰਗਾਂ ਖੇਤੀ ਕਾਨੂੰਨ ਰੱਦ ਕਰਨਾ ਅਤੇ ਫਸਲ ਦੀ ਖਰੀਦ ‘ਤੇ ਐਮਐਸਪੀ ਨੂੰ ਕਾਨੂੰਨੀ ਰੂਪ ਦੇਣਾ ਮੰਨ ਲਈਆਂ ਜਾਂਦੀਆਂ ਹਨ ਤਾਂ ਇਹ ਅੰਦੋਲਨ ਸਮਾਪਤੀ ਦੀ ਵੱਲ ਵਧੇਗਾ। ਜੇਕਰ ਇਹਨਾਂ ਮੰਗਾਂ ਨੂੰ ਨਹੀਂ ਪੂਰਾ ਕੀਤਾ ਜਾਂਦਾ ਤਾਂ ਕਿਸਾਨ ਜਥੇਬੰਦੀਆਂ ਨੇ ਪਹਿਲਾਂ ਹੀ ਸਮਾਗਮ ਉਲੀਕੇ ਹਨ ਕਿ ਪ੍ਰਦਰਸ਼ਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਅੱਜ ਦੀ ਮੀਟਿੰਗ ‘ਚ ਸ਼ਾਮਲ ਹੋਣ ਤੋਂ ਪਹਿਲਾਂ ਕਿਸਾਨਾਂ ਨੇ ਕਿਹਾ ਕਿ ਉਮੀਦ ਹੈ ਕਿ ਅੰਦੋਲਨ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਕਿਸਾਨਾਂ ਨੂੰ ਦੇਖਦੇ ਹੋਏ ਚੰਗੇ ਫੈਸਲੇ ਲਏ ਜਾ ਸਕਦੇ ਹਨ। ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ, ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਅਤੇ ਕੇਂਦਰੀ ਰਾਜ ਮੰਤਰੀ ਸੋਮਪ੍ਰਕਾਸ਼ ਮੌਜੂਦ ਹਨ। ਕਿਸਾਨ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਤਿੰਨੇ ਮੰਤਰੀ ਆਪਣੇ ਅਫ਼ਸਰਾਂ ਨਾਲ ਗੱਲਬਾਤ ਕਰ ਰਹੇ ਹਨ। ਉਸ ਤੋਂ ਬਾਅਦ ਹੀ ਕਿਸਾਨ ਜਥੇਬੰਦੀਆਂ ਨਾਲ ਮੁਲਾਕਾਤ ਹੋਵੇਗੀ।