ਚੰਡੀਗੜ੍ਹ: ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੀ ਪੜਤਾਲ ‘ਚੋਂ ਡੀਆਈਜੀ ਰਣਬੀਰ ਸਿੰਘ ਖੱਟੜਾ ਨੂੰ ਬਾਹਰ ਕੱਢਣ ਦੇ ਹੁਕਮ ਜਾਰੀ ਹੋ ਗਏ ਹਨ। ਡੀਆਈਜੀ ਖੱਟੜਾ ਦੀ ਥਾਂ ਹੁਣ ਕਿਸੇ ਹੋਰ ਸਮਰੱਥ ਅਧਿਕਾਰੀ ਨੂੰ ਨਿਯੁਕਤ ਕੀਤਾ ਜਾਵੇਗਾ।
ਪੰਜਾਬ ਹਰਿਆਣਾ ਹਾਈਕੋਰਟ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੀ ਪੜਤਾਲ ਪੰਜਾਬ ਪੁਲੀਸ ਨੂੰ ਸੌਂਪਦੇ ਹੋਏ ਇਹ ਆਦੇਸ਼ ਜਾਰੀ ਕੀਤੇ ਸਨ। ਦੱਸ ਦਈਏ ਕਿ ਡੇਰਾ ਪ੍ਰੇਮੀਆਂ ਨੇ ਡੀਆਈਜੀ ਖੱਟੜਾ ‘ਤੇ ਜਾਂਚ ਦੌਰਾਨ ਪੱਖਪਾਤ ਦੇ ਦੋਸ਼ ਲਾਏ ਸਨ। ਪੰਜਾਬ ਸਰਕਾਰ ਨੇ 22 ਅਪ੍ਰੈਲ 2020 ਨੂੰ ਡੀਆਈਜੀ ਰਣਬੀਰ ਖੱਟੜਾ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ ਬਣਾਈ ਸੀ।
ਇਸ ਤੋਂ ਇਲਾਵਾ ਪੰਜਾਬ ਹਰਿਆਣਾ ਹਾਈਕੋਰਟ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਸੀਬੀਆਈ ਨੂੰ ਕਿਹਾ ਸੀ ਕਿ ਪੜਤਾਲ ਸਬੰਧੀ ਸਾਰੇ ਦਸਤਾਵੇਜ਼ ਪੰਜਾਬ ਪੁਲੀਸ ਨੂੰ ਦਿੱਤੇ ਜਾਣ। ਦਸਤਾਵੇਜ਼ ਦੇਣ ਦੇ ਲਈ ਹਾਈ ਕੋਰਟ ਨੇ ਸੀਬੀਆਈ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ। ਹਾਈ ਕੋਰਟ ਦੇ ਇਸ ਫ਼ੈਸਲੇ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਵਾਗਤ ਕੀਤਾ ਸੀ। ਹਾਲਾਂਕਿ ਕਾਂਗਰਸ ਨੇ ਨੇ ਸੱਤਾ ਵਿੱਚ ਆਉਂਦੇ ਸਾਰ ਪਿਛਲੀ ਸਰਕਾਰ (ਬਾਦਲਾਂ) ਵੱਲੋਂ ਸੀਬੀਆਈ ਨੂੰ ਦਿੱਤੀ ਜਾਂਚ ਵਾਪਸ ਲੈਣ ਲਈ ਵਿਧਾਨ ਸਭਾ ਵਿੱਚ ਮਤਾ ਵੀ ਪਾਸ ਕੀਤਾ ਸੀ।
ਇਸ ਤੋਂ ਇਲਾਵਾ ਹੁਣ ਮੁਹਾਲੀ ਦੀ ਸੀਬੀਆਈ ਅਦਾਲਤ ਨੂੰ ਫ਼ਰੀਦਕੋਟ ਜ਼ਿਲ੍ਹੇ ਅੰਦਰ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਰਿਕਾਰਡ ਫ਼ਰੀਦਕੋਟ ਜ਼ਿਲ੍ਹਾ ਅਦਾਲਤਾਂ ਨੂੰ ਭੇਜਣ ਦੇ ਆਦੇਸ਼ ਦਿੱਤੇ ਹਨ। ਪੰਜਾਬ ਹਰਿਆਣਾ ਹਾਈਕੋਰਟ ਨੇ ਬੇਅਦਬੀ ਕਾਂਡ ਸਬੰਧੀ ਸੀਬੀਆਈ ਕੋਰਟ ਮੋਹਾਲੀ ਵਿਚ 25 ਜਨਵਰੀ 2019 ਤੋਂ ਬਾਅਦ ਕਿਸੇ ਵੀ ਕਾਰਵਾਈ ਨੂੰ ਮਾਨਤਾ ਨਾ ਦੇਣ ਲਈ ਕਿਹਾ ਹੈ।