ਗੁਰਦਾਸਪੁਰ : ਦਿੱਲੀ ਵਿੱਚ ਕਿਸਾਨਾਂ ਦੇ ਅੰਦੋਲਨ ਨੂੰ ਚਲਦੇ ਹੋਏ 44 ਦਿਨ ਹੋ ਗਏ ਹਨ ਅਤੇ ਇਹ ਪ੍ਰਦਰਸ਼ਨ ਲਗਾਤਾਰ ਵਧਦਾ ਜਾ ਰਿਹਾ ਹੈ। ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਬਣੀ ਡੈੱਡਲੌਕ ਦੀ ਸਥਿਤੀ ਨੂੰ ਤੋੜਨ ਲਈ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਇੱਕ ਸਲਾਹ ਦਿੱਤੀ ਹੈ।
ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਕੇਂਦਰ ਨੂੰ ਇਕ ਵਿਚਲਾ ਰਸਤਾ ਅਪਣਾਉਣਾ ਚਾਹੀਦਾ ਹੈ। ਕੇਂਦਰ ਇਨ੍ਹਾਂ ਕਾਨੂੰਨਾਂ ਨੂੰ ਦੇਸ਼ ਭਰ ‘ਚ ਲਾਗੂ ਕਰਨ ਦਾ ਫ਼ੈਸਲਾ 6 ਮਹੀਨੇ ਅਗਾਂਹ ਕਰ ਦੇਵੇ ਤਾਂ ਜੋ ਕਿਸਾਨਾਂ ਅਤੇ ਸਰਕਾਰ ਵਿਚਾਲੇ ਇਨ੍ਹਾਂ ਕਾਨੂੰਨਾਂ ਦੀ ਸਹੀ ਢੰਗ ਨਾਲ ਇੱਕ ਮਤ ਹੋ ਸਕੇ। ਇਸ ਤੋਂ ਇਲਾਵਾ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰੇ ਜੋ ਕਿਸਾਨਾਂ ਦੀ ਮੰਗ ਹੈ ਪਰ ਸਰਕਾਰ ਦਾ ਅੜੀਅਲ ਰਵੱਈਆ ਕਿਸਾਨਾਂ ਦੇ ਅੰਦੋਲਨ ਨੂੰ ਹੋਰ ਅੱਗੇ ਵਧਾ ਰਿਹਾ ਹੈ। ਕੇਂਦਰ ਸਰਕਾਰ ਦੇ ਕਹਿਣ ਮੁਤਾਬਕ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਪਰ ਇਹ ਕਿਸਾਨਾਂ ਨੂੰ ਮਨਜ਼ੂਰ ਨਹੀਂ ਹੈ ਤਾਂ ਫਿਰ ਜ਼ਬਰਦਸਤੀ ਕਿਉਂ ਕਾਨੂੰਨ ਲਿਆਂਦੇ ਜਾ ਰਹੇ ਹਨ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਵਿਖੇ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਣ ਆਏ ਸਨ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਲਵਿੰਦਰ ਸਿੰਘ ਲਾਡੀ ਵੀ ਮੌਜੂਦ ਸਨ। ਮਨਪ੍ਰੀਤ ਬਾਦਲ ਨੇ ਕਿਹਾ ਕਿ ਇਸ ਇਤਿਹਾਸਿਕ ਹਲਕੇ ਦੇ ਵਿਕਾਸ ਲਈ ਪੰਜਾਬ ਸਰਕਾਰ ਨੇ 2.35 ਕਰੋੜ ਰੁਪਏ ਖਰਚ ਕਰਕੇ ਨਵਾਂ ਬੱਸ ਸਟੈਂਡ ਤਿਆਰ ਕੀਤਾ ਜਾਵੇਗਾ।