ਪਟਨਾ ਸਾਹਿਬ: ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ 354ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ੁਰੂ ਹੋ ਗਏ ਹਨ। ਗੁਰਮਤਿ ਸਮਾਗਮ ਅੱਜ ਤੋਂ 20 ਜਨਵਰੀ ਤਕ ਆਯੋਜਿਤ ਹੋਣਗੇ। ਇਸ ਸਬੰਧੀ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਨਿੱਤ ਨੇਮ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸ੍ਰੀ ਆਸਾ ਜੀ ਦੀ ਵਾਰ ਦੇ ਭੋਗ ਪਾਏ ਗਏ।
ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਲਈ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਬੀਤੇ ਦਿਨ ਤੋਂ ਹੀ ਸੰਗਤਾਂ ਦਾ ਆਉਣਾ ਸ਼ੁਰੂ ਹੋ ਗਿਆ ਸੀ।
ਇਸ ਦੌਰਾਨ ਸੰਗਤਾਂ ਵੱਲੋਂ ਵੱਖ ਵੱਖ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਬੰਬਈ ਤੋਂ ਪਟਨਾ ਸਾਹਿਬ ਵਿਖੇ ਪਹੁੰਚੇ ਸ਼ਰਧਾਲੂ ਜੈਮਲ ਸਿੰਘ ਵੱਲੋਂ ਤਖ਼ਤ ਸਾਹਿਬ ਵਿਖੇ ਬੇਸ਼ਕੀਮਤੀ ਸੁੱਚੇ ਮੋਤੀਆਂ ਦੀ ਮਾਲਾ ਅਤੇ ਕਲਗੀ ਭੇਂਟ ਕੀਤੀ ਗਈ।