ਨਾਭਾ : ਇਕ ਪਾਸੇ ਜਿੱਥੇ ਕਿਸਾਨੀ ਸੰਘਰਸ਼ ਸਿਖਰਾਂ ਤੇ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਵਿਚ 14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਭੱਖਣਾ ਸ਼ੁਰੂ ਹੋ ਗਿਆ ਹੈ। ਜਿਸ ਦੇ ਤਹਿਤ ਨਾਭਾ ਵਿਖੇ 23 ਵਾਰਡਾਂ ਵਿੱਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਅਸੀਂ ਵਿਕਾਸ ਦੇ ਮੁੱਦੇ ‘ਤੇ ਚੋਣਾਂ ਲੜ ਕੇ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਾਂਗੇ।
ਮਹਾਤਮਾ ਗਾਂਧੀ ਬਰਸੀ ‘ਤੇ ਕਿਸਾਨਾਂ ਵੱਲੋਂ ਅੱਜ ਭੁੱਖ ਹੜਤਾਲ ਕੀਤੇ ਜਾਣ ‘ਤੇ ਧਰਮਸੋਤ ਨੇ ਕਿਹਾ ਕਿ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਭੁੱਖ ਹੜਤਾਲ ‘ਤੇ ਹੀ ਹਨ। ਉਹ ਆਪਣਾ ਘਰ ਬਾਰ ਛੱਡੀ ਬੈਠੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਮੋਦੀ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ। 26 ਜਨਵਰੀ ਨੂੰ ਪਰੇਡ ਦੌਰਾਨ 12 ਪੰਜਾਬੀ ਨੌਜਵਾਨ ਲਾਪਤਾ ਹੋਣ ‘ਤੇ ਧਰਮਸੋਤ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਉਨ੍ਹਾਂ ਨੌਜਵਾਨਾਂ ਨੂੰ ਲੱਭਣਾ ਚਾਹੀਦਾ ਹੈ। ਧਰਮਸੋਤ ਨੇ ਕਿਹਾ ਕਿ ਇਹ ਕਿਸਾਨਾਂ ਦੀ ਲੜਾਈ ਹੈ ਜ਼ਰੂਰ ਜਿੱਤਾਂਗੇ ਅਤੇ ਸ਼ਰਾਰਤੀ ਅਨਸਰ ਨੂੰ ਬਾਹਰ ਦਾ ਰਸਤਾ ਦਿਖਾ ਦੇਣਾ ਚਾਹੀਦਾ ਹੈ ਕਿਉਂਕਿ ਉਹ ਕਿਸਾਨੀ ਸੰਘਰਸ਼ ਨੂੰ ਖ਼ਰਾਬ ਕਰਨਾ ਚਾਹੁੰਦੇ ਹਨ।