ਲੰਦਨ : ਦਿੱਲੀ ਦੇ ਸਿੰਘੂ ਬਾਰਡਰ ‘ਤੇ ਕੁਝ ਲੋਕਾਂ ਵੱਲੋਂ ਕਿਸਾਨਾਂ ਦੇ ਅੰਦੋਲਨ ‘ਤੇ ਕੀਤੀ ਗਈ ਪੱਥਰਬਾਜ਼ੀ ਅਤੇ ਕਿਸਾਨਾਂ ਲਈ ਵਰਤੀ ਗਈ ਭੱਦੀ ਸ਼ਬਦਾਵਲੀ ਦਾ ਮੁੱਦਾ ਵਿਦੇਸ਼ਾਂ ਵਿੱਚ ਵੀ ਉੱਠਣ ਲੱਗਿਆ ਹੈ। ਬਰਤਾਨੀਆ ਦੀ ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਸਾਨਾਂ ਦੇ ਹੱਕ ‘ਚ ਆਵਾਜ਼ ਉਠਾਉਂਦੇ ਹੋਏ ਚਿਤਾਵਨੀ ਦਿੱਤੀ ਹੈ ਕਿ ਜੇਕਰ ਸੱਤਾ ਵਿੱਚ ਬੈਠੇ ਲੋਕਾਂ ਨੇ ਆਪਣੀ ਤਾਕਤ ਦੀ ਦੁਰਵਰਤੋਂ ਕੀਤੀ ਤਾਂ ਇਸ ਨਾਲ ਕਿਸਾਨ ਅੰਦੋਲਨ ਹੋਰ ਮਜ਼ਬੂਤ ਹੋਵੇਗਾ।
ਇਸ ਸੰਬੰਧੀ ਤਨਮਨਜੀਤ ਸਿੰਘ ਢੇਸੀ ਨੇ ਟਵੀਟ ਕਰਦੇ ਹੋਏ ਕਿਹਾ ਕਿ – “ਬੜੀ ਹੈਰਾਨੀ ਦੀ ਗੱਲ ਹੈ ਕਿ ਲੋਕਾਂ ਦੀ ਭੀੜ ਅਤੇ ਪੁਲੀਸ ਨੇ ਕਿਸਾਨਾਂ ਨੂੰ ਖਦੇੜਨ ਦੀ ਹਰ ਕੋਸ਼ਿਸ਼ ਕੀਤੀ,ਕਿਸਾਨਾਂ ਲਈ ਪਾਣੀ ਬਿਜਲੀ ਅਤੇ ਇੰਟਰਨੈੱਟ ਸੇਵਾ ਬੰਦ ਕਰਨ ਦੀਆਂ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ, ਹਿੰਸਾ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ ਪਰ ਸੱਤਾ ਵਿੱਚ ਬੈਠੇ ਲੋਕਾਂ ਨੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਤਸ਼ੱਦਦ ਢਾਹਿਆ ਤਾਂ ਇਹ ਅੰਦੋਲਨ ਹੋਰ ਤੇਜ਼ ਹੋਵੇਗਾ।”
Shocked to see mobs and police trying to intimidate and clear Delhi #FarmersProtest, after stopping their water, electricity and internet.
Violence can’t be condoned, but if people in power abuse peaceful protesters, it’ll merely make their movement stronger.#TheWorldIsWatching pic.twitter.com/F6ibfaElSl
— Tanmanjeet Singh Dhesi MP (@TanDhesi) January 30, 2021
ਬੀਤੇ ਦਿਨੀਂ ਸਿੰਘੂ ਬਾਰਡਰ ‘ਤੇ ਸਥਾਨਕ ਲੋਕਾਂ ਵੱਲੋਂ ਕਿਸਾਨਾਂ ਦੇ ਅੰਦੋਲਨ ‘ਤੇ ਪੱਥਰਬਾਜ਼ੀ ਕੀਤੀ ਸੀ। ਪੁਲੀਸ ਮੂਕ ਦਰਸ਼ਕ ਬਣ ਕੇ ਹਿੰਸਾ ਨੂੰ ਦੇਖਦੀ ਰਹੀ ਸੀ ਅਤੇ ਸਥਾਨਕ ਲੋਕ ਕਿਸਾਨਾਂ ਨੂੰ ਲਾਠੀਆਂ ਨਾਲ ਕੁੱਟ ਰਹੇ ਸਨ। ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਨੇ ਇਲਜ਼ਾਮ ਲਗਾਇਆ ਕਿ ਕੇਂਦਰ ਸਰਕਾਰ ਬੀਜੇਪੀ ਅਤੇ ਆਰਐਸਐਸ ਦੇ ਲੋਕਾਂ ਨੂੰ ਅੰਦੋਲਨ ਖ਼ਤਮ ਕਰਨ ਲਈ ਅਜਿਹੀਆਂ ਕੋਝੀਆਂ ਹਰਕਤਾਂ ਕਰਨ ਦੇ ਲਈ ਭੇਜ ਰਹੀ ਹੈ। ਇਸ ਹਿੰਸਾ ‘ਤੇ ਹੁਣ ਬ੍ਰਿਟੇਨ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਆਵਾਜ਼ ਉਠਾਈ ਹੈ ਅਤੇ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ।