ਨਵੀਂ ਦਿੱਲੀ:- ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ ਦੋ ਮਹੀਨਿਆਂ ਤੋਂ ਵੀ ਜ਼ਿਆਦਾ ਸਮੇਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਬੈਠੇ ਹੋਏ ਹਨ। ਇਸ ਦਰਮਿਆਨ ਮੇਘਾਲਿਆ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ ਕਿ ਉਨ੍ਹਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਦਾ ਅਪਮਾਨ ਨਾ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਸੰਕਟ ਨੂੰ ਹੱਲ ਕਰਨ ਲਈ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ।
ਪੱਛਮੀ ਉੱਤਰ ਪ੍ਰਦੇਸ਼ ਦੇ ਜਾਟ ਲੀਡਰ ਰਹੇ ਮਲਿਕ ਨੇ ਕਿਹਾ ਕਿ ਇਸ ਹਫ਼ਤੇ ਦੀ ਸ਼ੁਰੂਆਤ ‘ਚ ਯੂਪੀ ਪੁਲਿਸ ਵੱਲੋਂ ਅੰਦੋਲਨਕਾਰੀ ਕਿਸਾਨਾਂ ਨੂੰ ਗਾਜ਼ੀਆਬਾਦ ਤੋਂ ਬਾਹਰ ਕੱਢਣ ਦੇ ਯਤਨਾਂ ਨਾਲ ਹਾਲਾਤ ਖਰਾਬ ਹੋ ਗਏ। ਮਲਿਕ ਨੇ ਕਿਹਾ ਕਿ ਮੈਂ ਸੰਵਿਧਾਨਕ ਅਹੁਦੇ ‘ਤੇ ਬੈਠਾ ਵਿਅਕਤੀ ਹਾਂ। ਮੈਨੂੰ ਇਸ ਤਰ੍ਹਾਂ ਦੀ ਕੋਈ ਟਿੱਪਣੀ ਨਹੀਂ ਕਰਨੀ ਚਾਹੀਦੀ। ਮੈਂ ਪਹਿਲਾਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮੁੱਦੇ ਨੂੰ ਗੱਲਬਾਤ ਜ਼ਰੀਏ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਹੈ।
ਗਵਰਨਰ ਨੇ ਕਿਹਾ ਕਿ ਜੇਕਰ ਸਰਕਾਰ ਚਾਹੇ ਤਾਂ ਇਸ ਮੁੱਦੇ ਨੂੰ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੱਛਮੀ ਯੂਪੀ ਦੇ ਕਿਸਾਨ ਲੀਡਰਾਂ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਸੁਲਝਾਉਣ ਲਈ ਤਿਆਰ ਹੈ। ਕਿਸਾਨ ਤਿਆਰ ਹਨ। ਜੇਕਰ ਸਰਕਾਰ ਦੀ ਮਨਸ਼ਾ ਹੈ ਤਾਂ ਇਸ ਨੂੰ ਸੁਲਝਾਇਆ ਜਾ ਸਕਦਾ ਹੈ। ਬੀਤੇ ਸ਼ੁੱਕਰਵਾਰ ਤੋਂ ਉੱਤਰ ਪ੍ਰਦੇਸ਼ ਤੇ ਹਰਿਆਣਾ ਦੇ ਪਿੰਡਾਂ ਦੇ ਕਿਸਾਨ ਟ੍ਰੈਕਟਰ ਟਰਾਲੀਆਂ ‘ਚ ਰਾਸ਼ਨ ਤੇ ਪਾਣੀ ਦੀਆਂ ਬੋਤਲਾਂ ਦੇ ਨਾਲ ਗਾਜ਼ੀਪੁਰ ਬਾਰਡਰ ‘ਤੇ ਚੱਲ ਰਹੇ ਧਰਨੇ ‘ਤੇ ਪਹੁੰਚ ਰਹੇ ਹਨ।