ਚੰਡੀਗੜ੍ਹ : ਪੰਜਾਬ ਵਿੱਚ 14 ਫਰਵਰੀ ਨੂੰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਕਿਸਾਨਾਂ ਨੇ ਬੀਜੇਪੀ ਉਮੀਦਵਾਰਾਂ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ ਹੈ। ਜਿਸ ਦੇ ਤਹਿਤ ਪੰਜਾਬ ਦੇ ਕਈ ਪਿੰਡਾਂ ਦੇ ਵਿੱਚ ਪੋਸਟਰ ਵੀ ਲਗਾਏ ਜਾ ਚੁੱਕੇ ਹਨ। ਇੱਥੋਂ ਤੱਕ ਕਿ ਬੀਜੇਪੀ ਦੇ ਚੋਣ ਦਫ਼ਤਰ ਵੀ ਬੰਦ ਕਰਵਾਏ ਹਨ। ਜਿਸ ਕਾਰਨ ਕਿਸਾਨਾਂ ਦੇ ਵਿਰੋਧ ਦੇ ਚੱਲਦੇ ਹੋਏ ਬੀਜੇਪੀ ਲੀਡਰ ਪੰਜਾਬ ਵਿੱਚ ਚੋਣ ਪ੍ਰਚਾਰ ਕਰਨ ਤੋਂ ਟਾਲਾ ਵੱਟਣ ਲੱਗੇ ਹਨ। ਪੰਜਾਬ ਬੀਜੇਪੀ ਦੇ ਸੀਨੀਅਰ ਲੀਡਰ ਹਰਜੀਤ ਸਿੰਘ ਗਰੇਵਾਲ ਹਾਲੇ ਤੱਕ ਚੋਣ ਮੈਦਾਨ ਵਿੱਚ ਨਜ਼ਰ ਨਹੀਂ ਆ ਰਹੇ। ਚੋਣ ਪ੍ਰਚਾਰ ਦੇ ਲਈ ਸਿਰਫ 2 ਦਿਨ ਬਾਕੀ ਬਚੇ ਹਨ। 12 ਫਰਵਰੀ ਤੋਂ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਪਰ ਹਾਲੇ ਤਕ ਹਰਜੀਤ ਸਿੰਘ ਗਰੇਵਾਲ ਨੇ ਚੋਣ ਪਿੜ ਵਿੱਚ ਪੈਰ ਨਹੀਂ ਧਰਿਆ।
ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਹਰਜੀਤ ਗਰੇਵਾਲ ਰਾਜਪੁਰਾ ਹਲਕਾ ਦੇ ਇੰਚਾਰਜ ਬਣਾਏ ਗਏ ਸਨ। ਰਾਜਪੁਰਾ ਵਿੱਚ ਵੀ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਮਾਹੌਲ ਭਖਿਆ ਹੋਇਆ ਹੈ। ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਲਗਾਤਾਰ ਪ੍ਰਚਾਰ ਕੀਤਾ ਜਾ ਰਿਹਾ ਹੈ, ਪਰ ਹਰਜੀਤ ਗਰੇਵਾਲ ਨੇ ਹਾਲੇ ਤਕ ਸ਼ਹਿਰ ਵਿੱਚ ਫੇਰੀ ਵੀ ਨਹੀਂ ਪਾਈ। ਦੂਜੇ ਪਾਸੇ ਕਿਸਾਨ ਜਥੇਬੰਦੀਆਂ ਨੇ ਰਾਜਪੁਰਾ ‘ਚ ਬੀਜੇਪੀ ਦੇ ਦਫ਼ਤਰ ਵੀ ਬੰਦ ਕਰਵਾ ਦਿੱਤੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਪੰਜਾਬ ਦੇ ਲੋਕ ਬੀਜੇਪੀ ਨੂੰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਵਿੱਚ ਵੋਟਾਂ ਪਾਉਂਦੇ ਹਨ ਜਾਂ ਇਨ੍ਹਾਂ ਦਾ ਚੋਣ ਪ੍ਰਚਾਰ ਦੌਰਾਨ ਕੀਤਾ ਗਿਆ ਬਾਈਕਾਟ ਹੀ ਰਹੇਗਾ।