ਟੋਰਾਂਟੋ : ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਹੁਣ ਦੁਨੀਆਂ ਭਰ ਤੋਂ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਕੈਨੇਡਾ ਦੇ ਓਨਟਾਰੀਓ ‘ਚ ਸਿੱਖਸ ਐਂਡ ਗੁਰਦੁਆਰਾ ਕੌਂਸਲ ਨੇ ਭਾਰਤੀ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਉਨ੍ਹਾਂ ਦੀ ਹਮਾਇਤ ‘ਚ ਇਕ ਐਲਾਨਨਾਮਾ ਜਾਰੀ ਕੀਤਾ ਹੈ। ਜਿਸ ਤਹਿਤ ਓਨਟਾਰੀਓ ਸਿੱਖਸ ਐਂਡ ਗੁਰਦੁਆਰਾ ਕੌਂਸਲ ਦੇ ਸਮੂਹ ਮੈਂਬਰਾਂ ਨੇ ਸੰਯੁਕਤ ਕਿਸਾਨ ਮੋਰਚੇ ਨਾਲ ਖੜ੍ਹੇ ਹੋਣ ਦਾ ਦਾਅਵਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਕੁਲਤਾਰ ਸਿੰਘ ਗਿੱਲ ਨੇ ਕਿਹਾ ਕਿ ਭਾਰਤ ਦੇ ਕਿਸਾਨ ਮੁਸ਼ਕਲ ਦੀ ਘੜੀ ਵਿੱਚ ਹਨ। ਅੱਜ ਓਨਟਾਰੀਓ ਸਿੱਖਸ ਐਂਡ ਗੁਰਦੁਆਰਾ ਕੌਂਸਲ ਦੇ ਸਾਰੇ ਮੈਂਬਰ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।
ਓਨਟਾਰੀਓ ਸਿੱਖਸ ਐਂਡ ਗੁਰਦੁਆਰਾ ਕੌਂਸਲ ਦੇ ਮੈਂਬਰਾਂ ਨੇ ਕਿਹਾ ਕਿ ਇਸ ਸਮੇਂ ਕਿਸਾਨ ਲਈ ਇਮਤਿਹਾਨ ਦੀ ਘੜੀ ਹੈ। ਇਸ ਲਈ ਅਸੀਂ ਉਨ੍ਹਾਂ ਨਾਲ ਪੂਰਨ ਇਕਜੁਟਤਾ, ਸਹਾਇਤਾ ਅਤੇ ਦ੍ਰਿੜ੍ਹਤਾ ਦਾ ਪ੍ਰਗਟਾਵਾ ਕਰਦੇ ਹਾਂ। ਕੇਂਦਰ ਸਰਕਾਰ ਇਸ ਸਮੇਂ ਫੁੱਟ ਪਾਊ ਅਤੇ ਰਾਜ ਕਰੋ ਦੀ ਨੀਤੀ ਅਪਣਾ ਰਹੀ। ਕਿਸਾਨ ਲੀਡਰਾਂ ਨੂੰ ਦੋਫਾੜ ਕਰਨ ਦੇ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਇਸ ਲਈ ਸੰਯੁਕਤ ਕਿਸਾਨ ਮੋਰਚੇ ਦੇ ਲੀਡਰਾਂ ਨੂੰ ਇਕਜੁੱਟ ਰਹਿਣ ਦੀ ਜ਼ਰੂਰਤ ਹੈ।