ਚੰਡੀਗੜ੍ਹ : ਅੱਜ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੋ ਰਿਹਾ ਹੈ। ਇਸ ਦੌਰਾਨ ਸਰਕਾਰ ਅਤੇ ਵਿਰੋਧੀ ਧਿਰਾਂ ਵਿਚਾਲੇ ਹੰਗਾਮਾ ਹੋਣ ਦੀ ਸੰਭਾਵਨਾ ਹੈ। ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰਾਂ ਵੱਲੋਂ ਲੋਕ ਮੁੱਦਿਆਂ ‘ਤੇ ਸਰਕਾਰ ਨੂੰ ਘੇਰਣ ਦੀ ਕੋਸ਼ਿਸ਼ ਰਹੇਗੀ। ਇਸ ਤੋਂ ਇਲਾਵਾ ਸਰਕਾਰ ਵੀ ਆਪਣਾ ਬਚਾਅ ਕਰਨ ਲਈ ਕੀਤੇ ਗਏ ਉਪਰਾਲਿਆਂ ‘ਤੇ ਨਜ਼ਰ ਪਵਾਏਗੀ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਇਹ ਬਜਟ ਇਜਲਾਸ ਆਖਰੀ ਹੋਵੇਗਾ।
ਬਜਟ ਸੈਸ਼ਨ ਤੋਂ ਪਹਿਲਾਂ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਨੂੰ ਘੇਰਣ ਲਈ ਪਿਛਲੇ ਦੋ ਦਿਨਾਂ ਤੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਸਨ। ਜਿਸ ਤਹਿਤ ਅੱਜ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਅਕਾਲੀ ਦਲ ਵੱਲੋਂ ਅੱਜ ਚੰਡੀਗੜ੍ਹ ਦੇ 25 ਸੈਕਟਰ ਵਿੱਚ ਰੈਲੀ ਰੱਖੀ ਗਈ ਹੈ ਜਿੱਥੇ ਪੰਜਾਬ ਭਰ ਤੋਂ ਅਕਾਲੀ ਦਲ ਦੇ ਵਿਧਾਇਕ ਆਪਣੇ ਵਰਕਰਾਂ ਨਾਲ ਇੱਥੇ ਇਕੱਠੇ ਹੋਣਗੇ ਤੇ ਫਿਰ ਵਿਧਾਨ ਸਭਾ ਵੱਲ ਚਾਲੇ ਪਾਉਣ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੈਪਟਨ ਸਰਕਾਰ ਵੱਲੋਂ ਕੀਤੇ ਚੋਣ ਵਾਅਦਿਆਂ ਖਿਲਾਫ ਸਾਇਕਲ ਰੈਲੀ ਕਰਨਗੇ।