ਚੰਡੀਗੜ੍ਹ : ਪੰਜਾਬ ਦੀ ਸੱਤਾਧਾਰੀ ਕੈਪਟਨ ਸਰਕਾਰ ਆਏ ਦਿਨ ਕਿਸੇ ਨਾ ਕਿਸੇ ਮਸਲੇ ‘ਤੇ ਘਿਰੀ ਹੀ ਰਹਿੰਦੀ ਹੈ। ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਲਗਾਤਾਰ ਇਸ ਮਸਲੇ ਤੇ ਤੰਜ ਕੱਸ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿਛਲੇ ਦਿਨੀਂ ਜਿੱਥੇ ਇਸ ਤੇ ਪ੍ਰਤੀਕਿਰਿਆ ਦਿਤੀ ਗਈ ਸੀ ਤਾਂ ਉੱਥੇ ਹੁਣ ਆਮ ਆਦਮੀ ਪਾਰਟੀ ਵੱਲੋਂ ਵੀ ਇਸ ਤੇ ਪੱਖ ਰੱਖਿਆ ਗਿਆ ਹੈ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਕਿਹਾ ਕਿ ਇਹ ਗੱਲ ਸਾਫ਼ ਹੋ ਗਈ ਹੈ ਕਿ ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਮੰਤਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਯੋਗ ਸਲਾਹ ਨਹੀਂ ਦੇ ਸਕਦੀ ਤੇ ਉਹ ਨਲਾਇਕ ਹਨ । ਅਰੋੜਾ ਨੇ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਨੂੰ ਮੁੱਖ ਸਲਾਹਕਾਰ ਲਾਉਣ ਤੇ ਉਨ੍ਹਾਂ ਨੂੰ ਕੋਈ ਫਰਕ ਨਹੀਂ ਪੈਂਦਾ । ਅਰੋੜਾ ਨੇ ਕਿਹਾ ਕਿ ਅੱਜ ਹਾਲਾਤ 2017 ਜਿਹੇ ਨਹੀਂ ਰਹੇ । ਇਸਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਚੀਮਾ ਨੇ ਵੀ ਇਸ ਤੇ ਪ੍ਰਤੀਕਿਰਿਆ ਦਿੰਦਿਆਂ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੋ ਹਜਾਰ ਸਤਾਰਾਂ ਦੇ ਵਿਚ ਚੋਣਾਂ ਤੋਂ ਪਹਿਲਾਂ ਘਰ ਘਰ ਰੋਜਗਾਰ, ਬੁਢਾਪਾ ਪੈਨਸ਼ਨ ਆਦਿ ਹੋਰ ਬਹੁਤ ਸਾਰੇ ਵਾਅਦੇ ਕੀਤੇ ਸਨ ਜਿਹੜੇ ਅਜ ਤਕ ਪੂਰੇ ਨਹੀਂ ਹੋ ਸਕੇ ।