ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਪੰਜਵਾਂ ਦਿਨ ਹੈ। ਵਿਰੋਧੀ ਧਿਰਾਂ ਵੱਲੋਂ ਅੱਜ ਵੀ ਵੱਖ ਵੱਖ ਮੁੱਦਿਆਂ ‘ਤੇ ਪੰਜਾਬ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਦੇ ਵਿੱਚ ਪੰਜਾਬ ਸਰਕਾਰ ਦੇ ਵਾਅਦੇ ਨੂੰ ਲੈ ਕੇ ਵੱਖ ਵੱਖ ਮੁੱਦੇ ਉਠਾਏ ਜਾਣਗੇ।ਜਿਸ ਦੇ ਨਾਲ ਅੱਜ ਵੀ ਵਿਧਾਨ ਸਭਾ ਦੀ ਕਾਰਵਾਈ ਵਿਚ ਹੰਗਾਮਾ ਹੋਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਅੱਜ ਐਸਸੀ/ਬੀਸੀ ਵਿਦਿਆਰਥੀਆਂ ਨੂੰ ਦਿੱਤੇ ਜਾਂਦੇ ਵਜ਼ੀਫੇ ਦੇ ਮੁੱਦੇ ‘ਤੇ ਕੈਪਟਨ ਸਰਕਾਰ ਨੂੰ ਘੇਰੇਗੀ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖਿਲਾਫ ਆਮ ਆਦਮੀ ਪਾਰਟੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਮਾਮਲੇ ‘ਚ ਵੀ ਆਵਾਜ਼ ਬੁਲੰਦ ਕਰੇਗੀ। ਦੂਜੇ ਪਾਸੇ ਅਕਾਲੀ ਦਲ ਵੱਲੋਂ ਆਪਣਾ ਹਾਲੇ ਤੱਕ ਏਜੰਡਾ ਸਾਂਝਾ ਨਹੀਂ ਕੀਤਾ ਗਿਆ। ਪਰ ਵਿਧਾਨ ਸਭਾ ਦੀ ਪਿਛਲੇ ਦਿਨ ਦੀ ਕਾਰਵਾਈ ਵਿਚ ਅਕਾਲੀ ਦਲ ਨੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਤੇ ਵਸੂਲੇ ਜਾ ਰਹੇ ਟੈਕਸ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਘੇਰਿਆ ਸੀ।