ਬਠਿੰਡਾ : ਸੱਤਾਧਾਰੀ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਆਪਸ ਵਿਚ ਆਏ ਦਿਨ ਕਿਸੇ ਨਾ ਕਿਸੇ ਮਸਲੇ ਨੂੰ ਲੈ ਕੇ ਮਿਹਣੋ ਮਿਹਣੀ ਹੁੰਦੀਆਂ ਹੀ ਰਹਿੰਦੀਆਂ ਹਨ। ਇਸ ਦੇ ਚੱਲਦਿਆਂ ਅੱਜ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਕਾਂਗਰਸ ਪਾਰਟੀ ਤੇ ਤਿੱਖਾ ਸ਼ਬਦੀ ਹਮਲਾ ਕੀਤਾ ਗਿਆ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਅੱਜ ਪਿੰਡਾਂ ਵਿੱਚ ਕੋਈ ਵਿਕਾਸ ਨਹੀਂ ਹੋ ਰਿਹਾ। ਇਸ ਮੌਕੇ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੇ ਤੰਜ ਕੱਸਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਕਿਸਾਨ ਹਤੈਸ਼ੀ ਜ਼ਰੂਰ ਕਹਿ ਸਕਦੇ ਹਨ ਪਰ ਕੋਈ ਵੀ ਕਿਸਾਨ ਉਦੋਂ ਨੂੰ ਕਿਸਾਨ ਹਿਤੈਸ਼ੀ ਨਹੀਂ ਸਮਝਦਾ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਵੀ ਕਿਸਾਨ ਹਿਤੈਸ਼ੀ ਫੈਸਲਾ ਨਹੀਂ ਲਿਆ ਗਿਆ।
ਇਸ ਮੌਕੇ ਉਨ੍ਹਾਂ ਤੰਜ ਕਸਦਿਆਂ ਕਿਹਾ ਕਿ ਸੂਬੇ ਅੰਦਰ ਲਗਾਤਾਰ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨ ਹਿਤੈਸ਼ੀ ਹਨ ਤਾਂ ਇਸ ਵੱਲ ਕੋਈ ਧਿਆਨ ਕਿਉਂ ਨਹੀਂ ਦਿੱਤਾ ਜਾ ਰਿਹਾ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਕਿਸੇ ਵੀ ਕਿਸਾਨ ਦਾ ਕਰਜ਼ਾ ਮੁਆਫ ਨਹੀਂ ਹੋਇਆ।