ਅੰਮ੍ਰਿਤਸਰ : ਬਜਟ 2021-2022 ਨੂੰ ਲੈ ਕੇ ਪੰਜਾਬ ਸਰਕਾਰ ਲਗਾਤਾਰ ਘਿਰਦੀ ਜਾ ਰਹੀ ਹੈ। ਇਸ ਦੇ ਚਲਦਿਆਂ ਜਿਥੇ ਵਿਰੋਧੀ ਪਾਰਟੀਆਂ ਲਗਾਤਾਰ ਬਿਆਨਬਾਜ਼ੀ ਕਰ ਰਹੀਆਂ ਹਨ ਤਾਂ ਉਥੇ ਹੀ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਵੀ ਇਸ ਤੇ ਪ੍ਰਤੀਕਿਰਿਆ ਦਿੱਤੀ ਗਈ ਹੈ। ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਪਿਛਲੇ ਚਾਰ ਸਾਲ ਦੌਰਾਨ ਕੈਪਟਨ ਸਰਕਾਰ ਵਲੋਂ ਜੋ ਵੀ ਵਾਅਦੇ ਕੀਤੇ ਗਏ ਸਨ ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ । ਉਨ੍ਹਾਂ ਕਿਹਾ ਕਿ ਅੱਜ ਲੋਕਾਂ ਨੂੰ ਯਕੀਨ ਨਹੀਂ ਹੈ ਕਿ ਜੋ ਅੱਜ ਮਹਿਲਾਵਾਂ ਲਈ ਫ੍ਰੀ ਬੱਸਾਂ ਦੇ ਵਿੱਚ ਸਫ਼ਰ ਕਰਨ ਦੀ ਸੁਵਿਧਾ ਦਿੱਤੀ ਗਈ ਹੈ ਉਹ ਵਾਅਦਾ ਵੀ ਪੂਰਾ ਕੀਤਾ ਜਾਵੇਗਾ ਜਾਂ ਨਹੀਂ ।
ਇਸ ਮੌਕੇ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਟਕਾ ਸਾਹਿਬ ਦੀ ਖਾਧੀ ਸਹੁੰ ਦਾ ਇਹ ਮਸਲੇ ਤੇ ਵੀ ਤੰਜ਼ ਕੱਸਿਆ । ਬੀਬੀ ਜਗੀਰ ਕੌਰ ਨੇ ਇਸ ਮੌਕੇ ਬੋਲਦਿਆਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਲੈਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਅੱਜ ਕੋਰੋਨਾ ਦੇ ਕੇਸਾਂ ਦੀ ਗਿਣਤੀ ਵਧ ਰਹੀ ਹੈ ਅਤੇ ਪ੍ਰਧਾਨ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀਆਂ ਮੰਨ ਲੈਣ।