ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਵੱਲੋਂ 4 ਸਾਲ ਪੂਰੇ ਹੋਣ ਉਤੇ ਕੀਤੇ ਜਾ ਰਹੇ ਵਿਕਾਸ ਦੇ ਵਾਅਦਿਆਂ ਉਤੇ ਟਿੱਪਣੀ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਿੰਨਾਂ ਕੋਈ ਝੂਠਾ ਨਹੀਂ ਹੋ ਸਕਦਾ, ਜਿਸਨੇ ਚਾਰ ਸਾਲ ਕੋਈ ਕੰਮ ਨਹੀਂ ਕੀਤਾ ਹੁਣ ਫੋਕੇ ਵਿਕਾਸ ਦੀਆਂ ਗੱਲਾਂ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਾਰਟੀ ਹੈੱਡਕੁਆਟਰ ਉਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ‘ਆਪ’ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੋ ਪੰਜਾਬ ਵਿੱਚ ਵਿਕਾਸ ਦੇ ਕੰਮ ਦੀਆਂ ਗੱਲਾਂ ਕਰਦੇ ਹਨ, ਉਹ ਵਿਕਾਸ ਸਿਰਫ ਸਿਸਵਾਂ ਫਾਰਮ ਹਾਊਸ ਦੇ ਆਲੇ-ਦੁਆਲੇ ਹੀ ਦਿਖਾਈ ਦਿੰਦਾ ਹੈ, ਜਿੱਥੋ ਕੈਪਟਨ ਕਦੇ ਬਾਹਰ ਨਹੀਂ ਨਿਕਲੇ ਇਸ ਕਰਕੇ ਉਨ੍ਹਾਂ ਨੂੰ ਲੱਗਦਾ ਕਿ ਪੰਜਾਬ ਦਾ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਨੇ ਅੱਜ ਖੁਦ ਮੰਨ ਲਿਆ ਹੈ ਕਿ ਉਹ ਪੰਜਾਬ ‘ਚੋਂ ਨਸ਼ੇ ਨੂੰ ਖਤਮ ਨਹੀਂ ਕਰਨਾ ਚਾਹੁੰਦੇ, ਕੈਪਟਨ ਨੇ ਮੰਨਿਆ ਹੈ ਕਿ ਉਨ੍ਹਾਂ ਸਿਰਫ ਨਸ਼ੇ ਦਾ ਲੱਕ ਤੋੜਨ ਦੀ ਗੱਲ ਕੀਤੀ ਸੀ। ਉਨ੍ਹਾਂ ਕਿਹਾ ਕਿ ਜੋ ਮਾਫੀਆ ਅਕਾਲੀਆਂ ਨੇ ਚਲਾਇਆ ਸੀ ਅੱਜ ਉਸ ਮਾਫੀਏ ਦਾ ਸਰਗਣਾ ਕੈਪਟਨ ਅਮਰਿੰਦਰ ਸਿੰਘ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਜੋ ਚੋਣਾਂ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਬਾਉਣ ਦਾ ਵਾਅਦਾ ਕੀਤਾ ਸੀ, ਪ੍ਰੰਤੂ ਅਜੇ ਤੱਕ ਕਿਸੇ ਨੂੰ ਸਜਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਘਰ-ਘਰ ਜਾ ਕੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਪੰਜਾਬ ਵਿੱਚੋਂ ਮਾਫੀਆ ਰਾਜ ਖਤਮ ਕਰਨ ਦਾ ਵਾਅਦਾ ਕੀਤਾ ਸੀ ਜੋ ਅਜੇ ਤੱਕ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਜੋ ਚੋਣ ਮੈਨੀਫੈਸਟੋ ਨੂੰ 85 ਫੀਸਦੀ ਪੂਰਾ ਕਰਨਾ ਦੱਸ ਰਹੇ ਹਨ, ਅਸਲ ਵਿੱਚ ਉਹ 0.85 ਫੀਸਦੀ ਵਾਅਦੇ ਪੂਰੇ ਕੀਤੇ ਹਨ। ਹੋ ਸਕਦਾ ਕੈਪਟਨ ਗਲਤੀ ਨਾਲ ਜੀਰੋ ਪੁਆਇੰਟ ਨਹੀਂ ਬੋਲੇ ਹੋਣੇ। ਬਿਜਲੀ ਦੀਆਂ ਦਿਨੋ ਦਿਨ ਵਧੀਆਂ ਕੀਮਤਾਂ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਬਿੱਲ ਘੱਟ ਕਰਨ ਦਾ ਵਾਅਦਾ ਕੀਤਾ ਸੀ। ਇਥੋਂ ਤੱਕ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਵਿਧਾਨ ਸਭਾ ਵਿੱਚ ਕਾਗਜ਼ ਦਿਖਾਉਂਦੇ ਹੋਏ ਕਿਹਾ ਸੀ ਕਿ ਵਾਈਟ ਪੇਪਰ ਤਿਆਰ ਹੈ, ਛੇਤੀ ਹੀ ਜਾਰੀ ਕਰ ਦਿੱਤਾ ਜਾਵੇਗਾ, ਪਰ ਅਜੇ ਤੱਕ ਨਹੀਂ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਜੋ ਨਿੱਜੀ ਬਿਜਲੀ ਕੰਪਨੀਆਂ ਪਹਿਲਾਂ ਸੁਖਬੀਰ ਬਾਦਲ ਨੂੰ ਕਮਿਸ਼ਨ ਦਿੰਦੀਆਂ ਸਨ, ਉਹ ਹਿੱਸਾ ਪੱਤੀ ਹੁਣ ਕੈਪਟਨ ਨੂੰ ਮਿਲਣੀ ਸ਼ੁਰੂ ਹੋ ਗਈ ਹੋਵੇਗੀ, ਜਿਸ ਕਾਰਨ ਉਨ੍ਹਾਂ ਵਾਈਟ ਪੇਪਰ ਜਾਰੀ ਨਹੀਂ ਕੀਤਾ ਅਤੇ ਹੁਣ ਚੋਣਾਂ ਸਮੇਂ ਬਿਜਲੀ ਦੀਆਂ ਕੀਮਤਾਂ ਘੱਟ ਕਰਨ ਦੇ ਕੀਤੇ ਵਾਅਦੇ ਤੋਂ ਵੀ ਮੁਕਰ ਗਏ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਪੰਜਾਬ ਵਿੱਚ ਲਾਅ ਐਂਡ ਆਰਡਰ ਨੂੰ ਵੀ ਲਾਗੂ ਕਰਨ ਵਿਚ ਬੁਰੀ ਤਰ੍ਹਾਂ ਫੇਲ੍ਹ ਹੋਏ ਹਨ। ਪੰਜਾਬ ਵਿੱਚ ਦਿਨੋਂ ਦਿਨ ਵੱਡੀਆਂ ਵੱਡੀਆਂ ਖੁਫਨਾਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਜਦੋਂ 2022 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਝੂਠੇ ਅੰਕੜਿਆਂ ਦੀ ਖੇਡ ਨਾਲ ਕੈਪਟਨ ਅਮਰਿੰਦਰ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੇ ਹਨ।