ਪਟਿਆਲਾ :- ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਹਫ਼ਤਾਵਾਰੀ ਮੀਟਿੰਗ ਦੌਰਾਨ ਮੁੱਖ ਦਫ਼ਤਰ ਦੇ ਅਧਿਕਾਰੀਆਂ, ਜ਼ਿਲ੍ਹਾ ਸਿੱਖਿਆ ਅਧਿਕਾਰੀਆਂ, ਬਲਾਕ ਸਿੱਖਿਆ ਅਧਿਕਾਰੀਆਂ ਅਤੇ ਜ਼ਿਲ੍ਹਾ ਪੱਧਰੀ ਟੀਮਾਂ ਨਾਲ ਕੋਵਿਡ-19 ਸਬੰਧੀ ਪਾਬੰਦੀਆਂ ਦੇ ਮੱਦੇਨਜ਼ਰ ਸਕੂਲਾਂ ਦੇ ਬੰਦ ਹੋਣ ਦੇ ਹਾਲਾਤ ਦਾ ਜਾਇਜ਼ਾ ਲਿਆ। ਇਸ ਸਬੰਧੀ ਵਿਚਾਰ-ਚਰਚਾ ਦੌਰਾਨ ਸਰਕਾਰ ਵੱਲੋਂ ਕੋਰੋਨਾ ਬਚਾਅ ਸਬੰਧੀ ਪਾਬੰਦੀਆਂ ਦੀ ਪਾਲਣਾ ਕਰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜੀ ਰੱਖਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਹੈ।
ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਪਿਛਲੇ ਸੈਸ਼ਨ ਦੌਰਾਨ ਸਕੂਲਾਂ ਦੀ ਤਾਲਾਬੰਦੀ ਦੇ ਸਮੇਂ ਵੀ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਕਰਵਾ ਕੇ ਸੰਭਾਵੀ ਨੁਕਸਾਨ ਦੀ ਕਾਫ਼ੀ ਹੱਦ ਤੱਕ ਪੂਰਤੀ ਕਰ ਲਈ ਗਈ ਸੀ।
ਸਿੱਖਿਆ ਅਧਿਕਾਰੀ ਨੇ ਕਿਹਾ ਕਿ ਹੁਣ ਮੁੜ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਆਨਲਾਈਨ ਪੜ੍ਹਾਈ ਦਾ ਰੁੱਖ ਕਰਦਿਆਂ ਬੋਰਡ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਜ਼ੂਮ ਜਮਾਤਾਂ ਲਾਉਣ ਸਣੇ ਸਮਾਜਿਕ ਸਹਿਯੋਗ ਨਾਲ ਕੀਤੇ ਜਾ ਸਕਣ ਵਾਲੇ ਹੋਰ ਵਸੀਲਿਆਂ ਜ਼ਰੀਏ ਵਿਦਿਆਰਥੀਆਂ ਦੀ ਪ੍ਰਰੀਖਿਆ ਤਿਆਰੀ ਕਰਵਾਈ ਜਾ ਰਹੀ ਹੈ। ਸਿੱਖਿਆ ਅਧਿਕਾਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਕਿਸੇ ਵੀ ਵਿਦਿਆਰਥੀ ਦੀ ਪ੍ਰਰੀਖਿਆ ਤਿਆਰੀ ਪ੍ਰਭਾਵਿਤ ਨਹੀਂ ਹੋਣ ਦਿੱਤੀ ਜਾਵੇਗੀ।