ਰੋਹਤਕ : ਖੇਤੀ ਕਾਨੂੰਨ ਖਿਲਾਫ ਨਿੱਤਰੇ ਕਿਸਾਨਾਂ ਵੱਲੋਂ ਪੰਜਾਬ ਦੇ ਨਾਲ ਨਾਲ ਹਰਿਆਣਾ ਵਿੱਚ ਵੀ ਬੀਜੇਪੀ ਲੀਡਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਰੋਹਤਕ ਵਿਚ ਇਕ ਸ਼ੋਕ ਸਭਾ ‘ਚ ਹਾਜ਼ਰੀ ਭਰਨ ਆਉਣਾ ਸੀ। ਪਰ ਜਿਵੇਂ ਹੀ ਕਿਸਾਨਾਂ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਵੱਡੀ ਗਿਣਤੀ ਵਿੱਚ ਕਿਸਾਨ ਮੁੱਖ ਮੰਤਰੀ ਦੇ ਹੈਲੀਪੈਡ ਨੇੜੇ ਪਹੁੰਚ ਗਏ। ਇਸ ਦੌਰਾਨ ਪੁਲੀਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਹਿੰਸਕ ਝੜਪ ਦੇਖਣ ਨੂੰ ਮਿਲੀ। ਇਸ ਝੜਪ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਤੇ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ।
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਈਟੀਆਈ ਗਰਾਊਂਡ ਵਿੱਚ ਸਤਿਗੁਰੂ ਦਾਸ ਸ਼ਰਮਾ ਦੀ ਸ਼ੋਕ ਸਭਾ ਵਿੱਚ ਆਉਣਾ ਸੀ। ਜਿਸ ਕਰਕੇ ਉਨ੍ਹਾਂ ਦਾ ਹੈਲੀਪੈਡ ਬਾਬਾ ਮਸਤਨਾਥ ਸਥਿਤ ਮੱਠ ਵਿੱਚ ਬਣਾਇਆ ਗਿਆ ਸੀ। ਮੁੱਖ ਮੰਤਰੀ ਦੀ ਆਮਦ ਨੂੰ ਦੇਖਦੇ ਹੋਏ ਕਿਸਾਨ ਉਨ੍ਹਾਂ ਤੋਂ ਪਹਿਲਾਂ ਹੀ ਪਹੁੰਚ ਗਏ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਉਹ ਕਿਸੇ ਵੀ ਹਾਲਤ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਹੈਲੀਕਾਪਟਰ ਉਤਰਨ ਨਹੀਂ ਦੇਣਗੇ। ਇਸ ਦੌਰਾਨ ਪੁਲੀਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਵਾਂ ਵਿਚਾਲੇ ਝੜਪ ਹੋ ਗਈ।