ਚੰਡੀਗੜ੍ਹ :- ਪੰਜਾਬ ਸਰਕਾਰ ਨੇ ਦੋ ਵੱਡੀਆਂ ਨਿਯੁਕਤੀਆਂ ਕਰਦਿਆਂ ਵਿਜੀਲੈਂਸ ਕਮਿਸ਼ਨ ਦੇ ਮੁਖੀ ਵਜੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਮਹਿਤਾਬ ਸਿੰਘ ਗਿੱਲ ਦੀ ਚੋਣ ਕੀਤੀ ਹੈ ਤੇ ਪੰਜਾਬ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਮੈਨ ਵਿਸ਼ਵਜੀਤ ਖੰਨਾ ਨੂੰ ਲਾਉਣ ਦਾ ਫ਼ੈਸਲਾ ਕੀਤਾ ਹੈ।
ਦੱਸ ਦਈਏ ਜਸਟਿਸ ਗਿੱਲ ਵੱਲੋਂ ਆਪਣੇ ਅਹੁਦੇ ਦੀ ਸਹੁੰ ਅਪ੍ਰੈਲ ਮਹੀਨੇ ਦੇ ਪਹਿਲੇ ਜਾਂ ਦੂਜੇ ਹਫ਼ਤੇ ਚੁੱਕੇ ਜਾਣ ਦੀ ਸੰਭਾਵਨਾ ਹੈ ਜਦਕਿ ਖੰਨਾ ਵੱਲੋਂ 12 ਅਪ੍ਰੈਲ ਨੂੰ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ ਜਾ ਸਕਦਾ ਹੈ। ਕਿਉਂਕਿ ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮੌਜੂਦਾ ਚੇਅਰਪਰਸਨ ਕੁਸੁਮਜੀਤ ਕੌਰ ਸਿੱਧੂ ਦਾ ਕਾਰਜਕਾਲ 13 ਅਪ੍ਰੈਲ ਨੂੰ ਖ਼ਤਮ ਹੋਣ ਜਾ ਰਿਹਾ ਹੈ।
ਇਸਤੋਂ ਇਲਾਵਾ ਮੁੱਖ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ ਨੇ ਦੋਵਾਂ ਨਿਯੁਕਤੀਆਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਖੰਨਾ ਦੀ ਨਿਯੁਕਤੀ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸੇ ਤਰ੍ਹਾਂ ਜਸਟਿਸ (ਸੇਵਾਮੁਕਤ) ਗਿੱਲ ਦੀ ਨਿਯੁਕਤੀ ’ਤੇ ਸੂਬੇ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਸਹੀ ਪਾ ਦਿੱਤੀ ਹੈ।