ਚੰਡੀਗੜ੍ਹ: ਪੰਜਾਬ ‘ਚ ਅਗਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭਖ ਚੁੱਕਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਕਾਂਗਰਸ ਦੇ ਵਿਧਾਇਕਾਂ ਦੇ ਨਾਲ ਮੀਟਿੰਗ ਬੁਲਾਈ ਗਈ ਹੈ। ਇਹ ਬੈਠਕ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਵਿਖੇ ਹੋਵੇਗੀ। ਮੀਟਿੰਗਾਂ ਦਾ ਇਹ ਸਿਲਸਿਲਾ ਲਗਾਤਾਰ ਪੰਜ ਦਿਨ ਜਾਰੀ ਰਹੇਗਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰੋਜ਼ਾਨਾ 15-15 ਕਾਂਗਰਸ ਦੇ ਵਿਧਾਇਕਾਂ ਦੇ ਨਾਲ ਮੁਲਾਕਾਤ ਕਰਨਗੇ।
ਦਰਅਸਲ ਪੰਜਾਬ ਵਿੱਚ ਬੇਅਦਬੀ ਅਤੇ ਗੋਲੀ ਕਾਂਡ ਦਾ ਮੁੱਦਾ ਇੱਕ ਵਾਰ ਮੁੜ ਤੋਂ ਗਰਮਾ ਰਿਹਾ ਹੈ। ਕੈਪਟਨ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਰੱਦ ਹੋਣ ਬਾਅਦ ਵਿਰੋਧੀ ਧਿਰਾਂ ਦੇ ਨਾਲ-ਨਾਲ ਕਾਂਗਰਸ ਦੇ ਲੀਡਰ ਵੀ ਸਵਾਲੀਆ ਨਿਸ਼ਾਨ ਖੜ੍ਹੇ ਕਰ ਰਹੇ ਹਨ।
ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨੀਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਬੇਅਦਬੀ ਮੁੱਦੇ ‘ਚ ਐਸਆਈਟੀ ਰੱਦ ਹੋਣ ਦੇ ਰੋਸ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਗਈ ਸੀ, ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਖਾਰਜ ਕਰ ਦਿੱਤਾ ਸੀ। ਅੱਜ ਵਿਧਾਇਕਾਂ ਨਾਲ ਸੱਦੀ ਗਈ ਮੀਟਿੰਗ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੇਅਦਬੀ ਮੁੱਦੇ ਅਤੇ ਕੋਰੋਨਾ ਦੇ ਹਾਲਾਤਾਂ ਬਾਰੇ ਵਿਧਾਇਕਾਂ ਨਾਲ ਗੱਲਬਾਤ ਕਰਨਗੇ।