ਚੰਡੀਗੜ੍ਹ – ਪੰਜਾਬ ਵਿੱਚ ਵੱਧ ਰਹੇ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਾਈਵੋਲਟੇਜ਼ ਮੀਟਿੰਗ ਸੱਦੀ ਗਈ ਹੈ। ਜਿਸ ਵਿੱਚ ਸਿਹਤ ਮੰਤਰੀ ਬਲਬੀਰ ਸਿੱਧੂ ਸਮੇਤ ਪੰਜਾਬ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹਨ। ਇਹ ਮੀਟਿੰਗ ਵਰਚੂਅਲ ਤੌਰ ‘ਤੇ ਹੋ ਰਹੀ ਹੈ। ਮੀਟਿੰਗ ਵਿੱਚ ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਕਈ ਸਖ਼ਤ ਕਦਮ ਚੁੱਕਣ ਤਕ ਫੈਸਲੇ ਲਏ ਜਾ ਸਕਦੇ ਹਨ। ਇਸ ਤੋਂ ਇਲਾਵਾ ਇਸ ਬੈਠਕ ਵਿੱਚ ਅਗਲੀ ਰਣਨੀਤੀ ਘੜਨ ਲਈ ਵੀ ਚਰਚਾ ਹੋਵੇਗੀ। ਵੈਕਸੀਨ ਨੂੰ ਲੋਕਾਂ ਤਕ ਕਿਵੇਂ ਪਹੁੰਚਾਇਆ ਜਾਵੇਗਾ ਇਸ ਬਾਬਤ ਵੀ ਗੱਲਬਾਤ ਹੋਵੇਗੀ। ਕਿਉਂਕਿ ਇੱਕ ਮਈ ਤੋਂ 18 ਸਾਲ ਤੋਂ ਉੱਪਰ ਵਾਲੇ ਵਿਅਕਤੀਆਂ ਨੂੰ ਵੀ ਟੀਕਾ ਲਗਾਇਆ ਜਾਣਾ ਹੈ।
ਪੰਜਾਬ ਵਿੱਚ ਰੋਜ਼ਾਨਾਂ ਕੋਰੋਨਾ ਵਾਇਰਸ ਦੇ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ। 5000 ਹਜ਼ਾਰ ਤੋਂ ਵੱਧ ਹਰ ਰੋਜ਼ ਨਵੇਂ ਕੇਸ ਆ ਰਹੇ ਹਨ। 60 ਤੋਂ ਵੱਧ ਮੌਤਾਂ ਹਰ ਰੋਜ਼ ਹੋ ਰਹੀਆਂ ਹਨ। ਇਹਨਾਂ ਨੂੰ ਰੋਕਣ ਲਈ ਹੋਰ ਸਖ਼ਤੀਆਂ ਲਗਾਈਆਂ ਜਾ ਸਕਦੀਆਂ ਹਨ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸੂਬੇ ਵਿੱਚ ਵੀਕੈਂਡ ਲੌਕਡਾਊਨ ਲਗਾਉਣ ਦਾ ਐਲਾਨ ਵੀ ਕੀਤਾ ਹੋਇਆ ਅਤੇ ਪੰਜਾਬ ਵਿੱਚ ਨਾਈਟ ਕਰਫਿਊ ਸ਼ਾਮ 6 ਵਜੇ ਤੋਂ ਲਾਗੂ ਹੈ।