ਜਗਰਾਉਂ ਵਿੱਚ ਸ਼ਹੀਦ ਹੋਏ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੇਵੇ ਇੱਕ-ਇੱਕ ਕਰੋੜ ਰੁਪਏ : ਸਰਬਜੀਤ ਮਾਣੂਕੇ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਵਿਧਾਇਕ ਸਰਬਜੀਤ ਕੌਰ ਮਾਣੂਕੇ ਨੇ ਪੰਜਾਬ ਵਿੱਚ ਵਿਗੜ ਰਹੀ ਅਮਨ ਕਾਨੂੰਨ ਦੀ ਵਿਵਸਥਾ ਉੱਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ । ਮਾਣੂਕੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ ਉੱਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ । ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਹੈ ਕਿ ਸੂਬੇ ਦਾ ਗ੍ਰਹਿ ਮੰਤਰਾਲਾ ਤੁਹਾਡੇ ਕੋਲ ਹੈ ਪਰ ਪੰਜਾਬ ਵਿੱਚ ਨਿੱਤ ਦਿਨ ਮਾਰਧਾੜ ਤੇ ਲੁੱਟ ਖੋਹ ਦੀਆਂ ਵਾਰਦਾਤਾਂ ਹੋ ਰਹੀਆਂ ਹਨ, ਅਪਰਾਧੀ ਬੇਖੌਫ਼ ਵਾਰਦਾਤਾਂ ਕਰ ਰਹੇ ਹਨ ਜਿਸ ਪ੍ਰਤੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ ।
‘ਆਪ’ ਵਿਧਾਇਕ ਮਾਣੂਕੇ ਨੇ ਬੀਤੇ ਰੋਜ਼ ਜਗਰਾਉਂ ਵਿਖੇ ਵਾਪਰੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ‘ਜਗਰਾਉਂ ਵਿੱਚ ਜਿਹੜੇ ਦੋ ਪੁਲਿਸ ਵਾਲਿਆਂ ਨੂੰ ਡਿਊਟੀ ਸਮੇਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਪੰਜਾਬ ਸਰਕਾਰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇ । ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਪਹੁੰਚਾਇਆ ਜਾਵੇ।
ਜ਼ਿਕਰਯੋਗ ਹੈ ਕਿ ਬੀਤੇ ਰੋਜ਼ ਜਗਰਾਂਓ ਦੀ ਨਵੀਂ ਦਾਣਾ ਮੰਡੀ ਵਿੱਚ ਅਪਰਾਧੀਆਂ ਨੇ ਪੁਲਿਸ ਪਾਰਟੀ ਤੇ ਅੰਨ੍ਹੇਵਾਹ ਗੋਲੀਬਾਰੀ ਕਰਕੇ ਦੋ ਏਐਸਆਈ ਦਾ ਕਤਲ ਕਰ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਜਿੱਥੇ ਲੋਕਾਂ ਵਿੱਚ ਸਹਿਮ ਪਾਇਆ ਜਾ ਰਿਹਾ ਹੈ ਉੱਥੇ ਹੀ ਲੋਕੀ ਰੋਸ ਵੀ ਪ੍ਰਗਟ ਕਰ ਰਹੇ ਹਨ।