ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਣ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਦਾ ਪ੍ਰਤੀਕਰਮ

TeamGlobalPunjab
2 Min Read

ਚੰਡੀਗੜ੍ਹ: ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ‘ਨਵੀਂ ਸਿੱਟ’ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜੇ ਜਾਣ ਤੋਂ ਬਾਅਦ ਕਾਂਗਰਸ ਦੇ ਰਾਜ ਸਭਾ ਮੈਂਬਰ ਅਤੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਬਾਜਵਾ ਨੇ ਕਿਹਾ ਕਿ ਕੋਟਕਪੂਰਾ ਪੁਲਿਸ ਫਾਇਰਿੰਗ ਮਾਮਲੇ ਵਿੱਚ ਐਸ.ਆਈ.ਟੀ. ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕਰਨਾ, ਸਹੀ ਦਿਸ਼ਾ ਵੱਲ ਵਧਾਇਆ ਗਿਆ ਇੱਕ ਕਦਮ ਹੈ।

ਬਾਜਵਾ ਨੇ ਕਿਹਾ ਕਿ ਪਿਛਲੀ ਐਸ.ਆਈ.ਟੀ. ਦੀ ਜਾਂਚ ਜਿਸਨੂੰ ਮਾਨਯੋਗ ਹਾਈ ਕੋਰਟ ਦੁਆਰਾ ਰੱਦ ਕੀਤਾ ਗਿਆ ਸੀ, ਉਸ ਵਿੱਚ  ਬਾਦਲਾਂ ਨੂੰ ਆਰੋਪੀ ਨਹੀਂ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲਿਸ ਫਾਇਰਿੰਗ ਵਿੱਚ ਬਾਦਲ ਦੀ ਭੂਮਿਕਾ ਮੁਲਜ਼ਮ ਦੀ ਹੈ, ਇਹ ਸਭ ਜਾਣਦੇ ਹਨ।

ਬਾਜਵਾ ਨੇ ਕਿਹਾ ਕਿ ਉਸਨੇ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਸੁਪਰੀਮ ਕੋਰਟ ਵਿੱਚ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਦੀ ਬਜਾਏ, ਤੁਰੰਤ ਇੱਕ ਨਵੀਂ ਐਸਆਈਟੀ ਬਣਾਈ ਜਾਣੀ ਚਾਹੀਦੀ ਹੈ ਅਤੇ ਜਾਂਚ 30 ਤੋਂ 45 ਦਿਨਾਂ ਦੇ ਅੰਦਰ-ਅੰਦਰ ਹੋਣੀ ਚਾਹੀਦੀ ਹੈ, ਜਿਨ੍ਹਾਂ ਵਿਚੋਂ 15 ਦਿਨ ਬੀਤ ਚੁੱਕੇ ਹਨ ।

ਬਾਜਵਾ ਨੇ ਕਿਹਾ ਕਿ ਸਮੇਂ ਦੀ ਲੋੜ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਹੈ, ਜਿਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਦੀ ਭੂਮਿਕਾ ਨੂੰ ਸਾਹਮਣੇ ਲਿਆਂਦਾ ਜਾਣਾ ਚਾਹੀਦਾ ਹੈ। ਜਿਨ੍ਹਾਂ ਨੇ ਪੁਲਿਸ ਨੂੰ ਨਿਰਦੋਸ਼ ਲੋਕਾਂ ‘ਤੇ ਗੋਲੀ ਚਲਾਉਣ ਦੇ ਆਦੇਸ਼ ਦਿੱਤੇ ਸਨ, ਉਨ੍ਹਾਂ ਨੂੰ ਜਾਂਚ ਅਤੇ ਅਦਾਲਤ ਦਾ ਸਾਹਮਣਾ ਕਰਨਾ ਪਏਗਾ। ਉਨ੍ਹਾਂ ਕਿਹਾ ਕਿ ਇੱਕ ਮਹੀਨੇ ਵਿੱਚ ਪੜਤਾਲ ਮੁਕੰਮਲ ਹੋਣ ਤੋਂ ਬਾਅਦ ਰੋਜ਼ਾਨਾ ਸੁਣਵਾਈ ਲਈ ਫਰੀਦਕੋਟ ਅਦਾਲਤ ਵਿੱਚ ਅਰਜ਼ੀ ਵੀ ਦਾਇਰ ਕੀਤੀ ਜਾਣੀ ਚਾਹੀਦੀ ਹੈ।

Share This Article
Leave a Comment