ਅੰਮਿ੍ਤਸਰ : ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਦਾ ਮਾਮਲਾ ਫਿਰ ਭਖ਼ਦਾ ਨਜ਼ਰ ਆ ਰਿਹਾ ਹੈ।
ਸੁਲਤਾਨਵਿੰਡ ਪਿੰਡ ਦੇ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਜਥਾ ਸਿਰਲੱਥ ਖ਼ਾਲਸਾ ਦੇ ਆਗੂ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ ਦੇ ਆਗੂ ਭਾਈ ਬਲਬੀਰ ਸਿੰਘ ਮੁੱਛਲ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਆਗੂ ਪ੍ਰਰੋਫੈਸਰ ਬਲਜਿੰਦਰ ਸਿੰਘ, ਆਵਾਜ਼-ਏ-ਕੌਮ ਦੇ ਆਗੂ ਭਾਈ ਨੋਬਲਜੀਤ ਸਿੰਘ ਬੁੱਲੋਵਾਲ, ਅਕਾਲ ਖ਼ਾਲਸਾ ਦਲ ਦੇ ਆਗੂ ਭਾਈ ਮਹਾਂਬੀਰ ਸਿੰਘ ਸੁਲਤਾਨਵਿੰਡ, ਭਾਈ ਭੁਪਿੰਦਰ ਸਿੰਘ, ਭਾਈ ਲਖਬੀਰ ਸਿੰਘ ਮਹਾਲਮ ਅਤੇ ਭਾਈ ਰਛਪਾਲ ਸਿੰਘ ਨਿਹੰਗ ਆਦਿ ਨੇ 328 ਪਾਵਨ ਸਰੂਪ ਦਾ ਸੰਘਰਸ਼ ਮੁੜ ਸ਼ੁਰੂ ਕਰਨ ਸਬੰਧੀ ਗੰਭੀਰ ਵਿਚਾਰਾਂ ਕੀਤੀਆਂ ਹਨ ਅਤੇ ਦੋਸ਼ੀਆਂ ‘ਤੇ ਕਾਨੂੰਨੀ ਕਾਰਵਾਈ ਕਰਵਾਉਣ ਲਈ ਦ੍ਰਿੜਤਾ ਪ੍ਰਗਟਾਈ ਹੈ।
ਉਨ੍ਹਾਂ ਕਿਹਾ ਕਿ ਹਮਖਿਆਲੀ ਜਥੇਬੰਦੀਆਂ ਅਤੇ ਸੰਗਤਾਂ ਨਾਲ ਮੀਟਿੰਗਾਂ ਕਰਕੇ ਇਹ ਸੰਘਰਸ਼ ਹੁਣ ਛੇਤੀ ਹੀ ਨਵੇਂ ਸਿਰਿਓ ਦੁਬਾਰਾ ਸ਼ੁਰੂ ਕੀਤਾ ਜਾਵੇਗਾ।