ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਭਗਤ ਕਬੀਰ ਚੇਅਰ ਸਥਾਪਤ ਕਰਨ ਅਤੇ ਜਲੰਧਰ ਵਿਚ ਭਗਤ ਕਬੀਰ ਭਵਨ ਦੇ ਵਿਕਾਸ ਲਈ 10 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਭਗਤ ਕਬੀਰ ਜੀ ਦੀ ਜੈਅੰਤੀ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਕਰਜਾ ਰਾਹਤ ਸਕੀਮ ਤਹਿਤ ਬੇਜ਼ਮੀਨੇ ਖੇਤ ਕਾਮਿਆਂ ਨੂੰ ਛੇਤੀ 560 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਵਾਏਗੀ।
15ਵੀਂ ਸਦੀ ਦੇ ਮਹਾਨ ਕਵੀ ਅਤੇ ਸੰਤ ਭਗਤ ਕਬੀਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਪੰਜਾਬ ਦੇ ਲੋਕਾਂ ਨਾਲ ਵਰਚੂਅਲ ਤੌਰ ਉਤੇ ਸ਼ਿਰਕਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੰਤ ਕਬੀਰ ਜੀ ਦੀ ਯਾਦ ਵਿਚ ਸਥਾਪਤ ਕੀਤੀ ਜਾਣ ਵਾਲੀ ਚੇਅਰ ਵੱਲੋਂ ਮਹਾਨ ਕਵੀ ਦੇ ਜੀਵਨ ਅਤੇ ਫਿਲਾਸਫੀ ਬਾਰੇ ਖੋਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਗਤ ਕਬੀਰ ਭਵਨ 0.77 ਏਕੜ ਰਕਬੇ ਵਿਚ ਬਣਾਇਆ ਜਾਵੇਗਾ ਜਿਸ ਵਿੱਚੋਂ 13000 ਸੁਕੇਅਰ ਫੁੱਟ ਕਵਰਡ ਰਕਬੇ ਵਿੱਚ 500 ਵਿਅਕਤੀਆਂ ਦੇ ਬੈਠਣ ਦੀ ਸਮਰੱਥਾ ਵਾਲਾ ਕਮਿਊਨਿਟੀ ਹਾਲ ਹੋਵੇਗਾ। ਉਨ੍ਹਾਂ ਦੱਸਿਆ ਕਿ 10 ਕਰੋੜ ਰੁਪਏ ਵਿੱਚੋਂ 3 ਕਰੋੜ ਰੁਪਏ ਭਵਨ ਦੇ ਨਿਰਮਾਣ ਉਤੇ ਜਦਕਿ 7 ਕਰੋੜ ਜ਼ਮੀਨ ਦੀ ਕੀਮਤ ਉਤੇ ਖਰਚ ਕੀਤੇ ਜਾਣਗੇ।
On the occasion of Bhagat Kabir Ji Jayanti, the Chief Minister @Capt_Amarinder Singh announced a Bhagat Kabir Chair in Guru Nanak Dev University, Amritsar, and ₹10 crore for the development of Bhagat Kabir Bhawan in Jalandhar.https://t.co/zQfGQSo5mj
— CMO Punjab (@CMOPb) June 24, 2021
ਜਲੰਧਰ ਵਿਖੇ ਹੋਏ ਰਾਜ ਪੱਧਰੀ ਸਮਾਗਮ ਵਿਚ ਇੱਥੋਂ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੁੰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ਨੂੰ ਸਹੀ ਮਾਅਨਿਆਂ ਵਿਚ ਅਪਣਾਉਣ ਦਾ ਸੱਦਾ ਦਿੱਤਾ ਤਾਂ ਕਿ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਮੁੱਖ ਮੰਤਰੀ ਨੇ ਭਗਤ ਕਬੀਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਭਗਤ ਜੀ ਦੀ ਬਾਣੀ ਵਿਚ ਪਿਆਰ, ਸ਼ਾਂਤੀ ਅਤੇ ਸਦਭਾਵਨਾ ਦੇ ਸਦੀਵੀ ਸੰਦੇਸ਼ ਦਾ ਜਿਕਰ ਕੀਤਾ ਜੋ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਭਗਤ ਕਬੀਰ ਜੀ ਨੇ ਆਪਣੇ ਜੀਵਨ ਦਾ ਮੁੱਢਲਾ ਸਮਾਂ ਇਕ ਮੁਸਲਿਮ ਪਰਿਵਾਰ ਵਿਚ ਬਤੀਤ ਕੀਤਾ, ਉਹ ਹਿੰਦੂ ਸੰਤ ਰਾਮਾਨੰਦ ਜੀ ਪਾਸੋਂ ਬਹੁਤ ਪ੍ਰਭਾਵਿਤ ਹੋਏ ਜਿਸ ਦਾ ਭਗਤੀ ਲਹਿਰ ਦੌਰਾਨ ਉਨ੍ਹਾਂ ਦੀਆਂ ਲਿਖਤਾਂ ਉਤੇ ਡੂੰਘਾ ਅਸਰ ਪਿਆ ਸੀ। ਉਨ੍ਹਾਂ ਨੇ ਲੋਕਾਂ ਨੂੰ ਮਹਾਨ ਸੰਤ ਜੀ ਵੱਲੋਂ ਦਿਖਾਏ ਮਾਰਗ ਉਤੇ ਚੱਲਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਭਗਤ ਕਬੀਰ ਜੀ ਦੀ ਫਿਲਾਸਫੀ ਉਚੇ ਚਲਦੇ ਹੋਏ ਉਨ੍ਹਾਂ ਦੀ ਸਰਕਾਰ ਵੱਲੋਂ ਕਮਜੋਰ ਤਬਕਿਆਂ ਲਈ ਚਲਾਈਆਂ ਵੱਖ-ਵੱਖ ਭਲਾਈ ਸਕੀਮ ਦਾ ਵੀ ਜਿਕਰ ਕੀਤਾ। ਇਨ੍ਹਾਂ ਪਹਿਲਕਦਮੀਆਂ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ, ਆਸ਼ੀਰਵਾਦ ਸਕੀਮ, ਸ਼ਗਨ ਸਕੀਮ ਅਤੇ ਬੁਢਾਪਾ ਤੇ ਵਿਧਵਾ ਪੈਨਸ਼ਨ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਕੀਮ ਤਹਿਤ ਰਾਸ਼ੀ ਵਿੱਚ ਵੀ ਵਾਧਾ ਕੀਤਾ ਗਿਆ ਹੈ ਅਤੇ ਪਹਿਲੀ ਜੁਲਾਈ, 2021 ਤੋਂ ਪੈਨਸ਼ਨ ਦੀ ਰਾਸ਼ੀ 750 ਰੁਪਏ ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।
ਪੋਸਟ ਮੈਟ੍ਰਿਕ ਵਜੀਫਾ ਸਕੀਮ ਦਾ ਜਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਲ 2020-21 ਦੇ ਅਕਾਦਮਿਕ ਸੈਸ਼ਨ ਦੌਰਾਨ ਸੂਬਾ ਸਰਕਾਰ ਨੇ ਵਜੀਫਾ ਰਾਸ਼ੀ 100 ਫੀਸਦੀ ਜਾਰੀ ਕਰ ਦਿੱਤੀ ਹੈ ਅਤੇ ਪ੍ਰਾਈਵੇਟ ਕਾਲਜਾਂ ਨਾਲ ਬਕਾਇਆ ਅਦਾਇਗੀ ਦਾ ਮਸਲਾ ਵੀ ਸੁਖਾਵੇਂ ਰੂਪ ਵਿਚ ਸੁਲਝਾ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕਾਲਜਾਂ ਨੂੰ ਕਿਸੇ ਵੀ ਵਿਦਿਆਰਥੀ ਦਾ ਰੋਲ ਨੰਬਰ ਨਾ ਰੋਕਣ ਬਾਰੇ ਸਪੱਸ਼ਟ ਤੌਰ ਉਤੇ ਦੱਸ ਦਿੱਤਾ ਗਿਆ ਹੈ।
ਮੁੱਖ ਮੰਤਰੀ ਨੇ ਇਸ ਸਕੀਮ ਨੂੰ ਇਕਦਮ ਵਾਪਸ ਲੈਣ ਲਈ ਕੇਂਦਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਸ ਨਾਲ ਸਾਡੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ ਪਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਦੇ ਫੈਸਲੇ ਨਾਲ ਵਿਦਿਆਰਥੀਆਂ ਨੂੰ ਸੰਕਟ ਵਿੱਚੋਂ ਬਾਹਰ ਕੱਢਣ ਲਈ ਡਾ. ਬੀ.ਆਰ ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕੀਤੀ ਜਿਸ ਕਰਕੇ ਭਾਰਤ ਸਰਕਾਰ ਨੂੰ ਵਜੀਫਾ ਸਕੀਮ ਮੁੜ ਬਹਾਲ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਨੇ ਆਪਣਾ 40 ਫੀਸਦੀ ਹਿੱਸਾ ਅਦਾ ਕਰ ਦਿੱਤਾ ਹੈ ਪਰ ਕੇਂਦਰ ਸਰਕਾਰ ਨੇ ਆਪਣੇ ਫੰਡ ਅਜੇ ਜਾਰੀ ਕਰਨੇ ਹਨ।