ਅੰਮ੍ਰਿਤਸਰ : ਵੱਖ-ਵੱਖ ਰਾਜਨੀਕ ਪਾਰਟੀਆਂ ਦੇ ਅਗੂਆਂ ਵੱਲੋਂ ਵਿਧਾਨ ਸਭਾ ਸਪੀਕਰ ਅਤੇ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਗਈ ਸੀ ਕਿ ਕਿਸਾਨ ਅੰਦੋਲਨ ਦੌਰਾਨ ਤਸੱਦਦ ਦਾ ਸ਼ਿਕਾਰ ਹੋਏ ਕਿਸਾਨਾਂ ਦਾ ਹਾਲਚਾਲ ਜਾਣਿਆ ਜਾਵੇ ਅਤੇ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇ। ਇਸ ‘ਤੇ ਮੁੱਖ ਮੰਤਰੀ ਪੰਜਾਬ ਵੱਲੋਂ ਇਕ ਵਿਧਾਨ ਸਭਾ ਕਮੇਟੀ ਗਠਿਤ ਕੀਤੀ ਗਈ ਜਿਸ ਵਿੱਚ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਸ਼ਾਮਲ ਕੀਤਾ ਗਿਆ ਅਤੇ ਇਹ ਕਮੇਟੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਤਿੰਨ ਕਾਲੇ ਕਾਨੂੰਨਾਂ ਦੌਰਾਨ ਅੰਦੋਲਨ ਸਮੇਂ ਜ਼ਖਮੀ ਹੋਏ ਅਤੇ ਦਿੱਲੀ ਪੁਲਿਸ ਦੁਆਰਾ ਤਸ਼ੱਦਦ ਕੀਤੇ ਗਏ ਕਿਸਾਨਾਂ ਦੇ ਬਿਆਨ ਦਰਜ ਕਰ ਰਹੀ ਹੈ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਿਧਾਨ ਸਭਾ ਕਮੇਟੀ ਦੇ ਚੇਅਰਮੈਨ ਅਤੇ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ ਵਾਲੀ ਕਮੇਟੀ ਜਿਸ ਵਿੱਚ ਫਤਿਹ ਜੰਗ ਸਿੰਘ ਬਾਜਵਾ, ਕੁਲਦੀਪ ਸਿੰਘ ਜੀਰਾ (ਦੋਵੇਂ ਅੱਜ ਦੀ ਮੀਟਿੰਗ ਵਿੱਚ ਹਾਜ਼ਰ ਨਹੀਂ ਸਨ), ਸ੍ਰੀਮਤੀ ਸਰਬਜੀਤ ਕੌਰ ਮਾਨੂੰਕੇ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕੀਤਾ। ਇਸ ਕਮੇਟੀ ਨੇ ਜ਼ਖਮੀ ਕਿਸਾਨਾਂ ਜਾਂ ਕਥਿਤ ਤੌਰ ਤੇ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਹੋਰਾਂ ਦੇ ਬਿਆਨ ਦਰਜ ਕੀਤੇ। ਕਮੇਟੀ ਨੇ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨਾਂ ਤੇ ਹੋ ਰਹੇ ਅਤਿਆਚਾਰ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਸ਼ਾਮਲ ਕੀਤਾ ਹੈ ਅਤੇ ਇਹ ਕਮੇਟੀ 31 ਜੁਲਾਈ ਤੱਕ ਆਪਣੀ ਰਿਪੋਰਟ ਪੇਸ਼ ਕਰੇਗੀ।
ਵੈਦ ਨੇ ਕਿਹਾ ਕਿ ਕਮੇਟੀ ਸਰਕਾਰ ਨੂੰ ਤਜਵੀਜ਼ ਪੇਸ਼ ਕਰੇਗੀ ਕਿ ਇਨ੍ਹਾਂ ਕਿਸਾਨਾਂ ਨੂੰ ਕਾਨੂੰਨੀ ਮਦਦ ਦੇ ਨਾਲ-ਨਾਲ ਆਰਥਿਕ ਸਹਾਇਤਾ ਵੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਮੇਟੀ ਵੱਲੋਂ ਇਹ ਵੀ ਤਜਵੀਜ਼ ਪੇਸ਼ ਕੀਤੀ ਜਾਵੇਗੀ ਕਿ ਇਹ ਸਾਰਾ ਮਸਲਾ ਦਿੱਲੀ ਪੁਲਿਸ ਅਤੇ ਦਿੱਲੀ ਸਰਕਾਰ ਨਾਲ ਉਠਾਇਆ ਜਾਵੇ ਤਾਂ ਜੋ ਬੇਗੁਨਾਹ ਕਿਸਾਨਾਂ/ਨੌਜਵਾਨਾਂ ਤੇ ਹੋਏ ਕੇਸਾਂ ਨੂੰ ਰੱਦ ਕਰਵਾਇਆ ਜਾ ਸਕੇ।
ਚੇਅਰਮੈਨ ਨੇ ਕਿਹਾ ਕਿ ਬੜੇ ਦੁਖ ਦੀ ਗੱਲ ਹੈ ਕਿ ਦਿੱਲੀ ਪੁਲਿਸ ਵੱਲੋਂ ਕਾਲੇ ਕਾਨੂੰਨਾਂ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਤਸ਼ੱਦਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਨੌਜਵਾਨਾਂ ਨੂੰ ਬਿਨਾਂ ਹੀ ਕਿਸੇ ਦੋਸ਼ ‘ਤੇ ਜੇਲਾਂ ਵਿੱਚ ਬੰਦ ਕਰਕੇ ਉਨ੍ਹਾਂ ਦੇ ਪਰਚੇ ਦਰਜ ਕੀਤੇ ਗਏ ਹਨ ਜੋ ਕਿ ਗੈਰ ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਲਦ ਹੀ ਇਕ ਵਿਸਥਾਰਤ ਰਿਪੋਰਟ ਬਣਾ ਕੇ ਸਰਕਾਰ ਨੂੰ ਪੇਸ਼ ਕੀਤੀ ਜਾਵੇਗੀ। ਵੈਦ ਨੇ ਕਿਹਾ ਕਿ ਇਹ ਕਮੇਟੀ ਪੰਜਾਬ ਦੇ ਹਰ ਖੇਤਰ ਦਾ ਦੌਰਾ ਕਰ ਰਹੀ ਹੈ ਅਤੇ ਦਿੱਲੀ ਤੇ ਹਰਿਆਣਾ ਪੁਲਿਸ ਵੱਲੋਂ ਕੀਤੇ ਅਤਿਆਚਾਰ ਤੋਂ ਪੀੜਤਾਂ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਤੋਂ ਪਹਿਲਾਂ ਰਿਪੋਰਟ ਵਿੱਚ ਹੋਏ ਹਰ ਤਸ਼ੱਦਦ ਨੂੰ ਉਜਾਗਰ ਕਰੇਗੀ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਪੁਲਿਸ ਹੱਥੋਂ ਹੋਏ ਜ਼ੁਲਮ ਬਾਰੇ ਆਪਣੇ ਬਿਆਨ ਦਰਜ ਕਰਵਾਉਣਾ ਚਾਹੁੰਦਾ ਹੈ ਉਹ ਇਸ ਕਮੇਟੀ ਦੇ ਸਨਮੁੱਖ ਪੇਸ਼ ਹੋ ਸਕਦਾ ਹੈ।