ਚੰਡੀਗੜ੍ਹ ( ਦਰਸ਼ਨ ਸਿੰਘ ਖੋਖਰ) : ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਨੂੰ ਪੱਕਾ ਕਰ ਲਈ ਪੰਜਾਬ ਸਰਕਾਰ ਮੰਨ ਗਈ ਹੈ। ਜਿਸ ਬਾਰੇ ਜਾਣਕਾਰੀ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦਿੱਤੀ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕੱਚੇ ਅਧਿਆਪਕਾਂ ਅਤੇ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਦੱਸਿਆ ਕਿ ਅਧਿਆਪਕਾਂ ਦੀਆਂ ਜੋ ਵੀ ਮੰਗਾਂ ਸਨ, ਉਨ੍ਹਾਂ ਨੂੰ ਸਰਕਾਰ ਮਨਜ਼ੂਰ ਕਰਨਾ ਚਾਹੁੰਦੀ ਹੈ ਅਤੇ ਇਸ ਬਾਰੇ ਉਨ੍ਹਾਂ ਵਫ਼ਦ ਨੂੰ ਕਿਹਾ ਹੈ ਕਿ ਉਹ ਆਪਣੇ ਸਾਥੀਆਂ ਨਾਲ ਰਾਇ ਮਸ਼ਵਰਾ ਕਰ ਲੈਣ।
ਕੱਚੇ ਅਧਿਆਪਕਾਂ ਦੇ ਮਾਮਲੇ ਬਾਰੇ ਸਿੰਗਲਾ ਨੇ ਕਿਹਾ ਕਿ ਉਹ ਸਾਰਿਆਂ ਨੂੰ ਸਿੱਖਿਆ ਵਿਭਾਗ ਵਿੱਚ ਪੱਕਾ ਕਰਨਾ ਚਾਹੁੰਦੇ ਹਨ ਪਰ ਉਸ ਲਈ ਇੱਕ ਟੈਸਟ ਦੇਣਾ ਹੋਵੇਗਾ। ਸਿੰਗਲਾ ਨੇ ਇਹ ਵੀ ਕਿਹਾ ਕਿ ਟੈਂਕੀਆਂ ਜਾਂ ਇਮਾਰਤਾਂ ‘ਤੇ ਚੜ੍ਹੇ ਅਧਿਆਪਕਾਂ ਨੂੰ ਥੱਲੇ ਆ ਜਾਣਾ ਚਾਹੀਦਾ ਅਤੇ ਅਧਿਆਪਕਾਂ ਨੂੰ ਧਰਨੇ ਖਤਮ ਕਰ ਦੇਣੇ ਚਾਹੀਦੇ ਹਨ। ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਬਾਰੇ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਦੀ ਇਹ ਮੰਗ ਮੰਨ ਲਈ ਹੈ ਕਿ ਸਾਰੀਆਂ ਪੋਸਟਾਂ ਇੱਕੋ ਵਾਰ ਕੱਢੀਆਂ ਜਾਣਗੀਆਂ।
ਦੂਜੇ ਪਾਸੇ ਸਿੱਖਿਆ ਮੰਤਰੀ ਅਤੇ ਸਰਕਾਰੀ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਅਧਿਆਪਕ ਆਗੂ ਗਗਨ ਅਬੋਹਰ ਨੇ ਦੱਸਿਆ ਕਿ ਕੱਚੇ ਅਧਿਆਪਕਾਂ ਦੀਆਂ ਮੰਗਾਂ ਮੰਨਣ ਲਈ ਪੰਜਾਬ ਸਰਕਾਰ ਨੇ ਸਹਿਮਤੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਲਈ ਸਰਕਾਰ ਸਹਿਮਤ ਹੋ ਗਈ ਹੈ, ਪਰ ਜਿਨ੍ਹਾਂ ਕੋਲ ਯੋਗਤਾ ਪੁਰੀ ਨਹੀਂ ਉਨ੍ਹਾਂ ਦੀਆਂ ਤਨਖਾਹਾਂ ਵਧਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਹੋਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸਰਕਾਰ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਬਾਰੇ ਮਤਾ ਲਿਆਵੇਗੀ ਜਿਸ ਬਾਰੇ ਵਫ਼ਦ ਨੂੰ ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਹੈ। ਇਸਦੇ ਬਾਵਜੂਦ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਮਾਰਤਾਂ ‘ਤੇ ਚੜ੍ਹੇ ਅਧਿਆਪਕਾਂ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਹੀ ਇਹ ਫੈਸਲਾ ਹੋ ਸਕੇਗਾ ਕਿ ਉਹ ਅਧਿਆਪਕ ਥੱਲੇ ਆਉਣਗੇ ਜਾਂ ਨਹੀਂ।