ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਕੋਰੋਨਾ ਕੇਸਾਂ ਵਿਚ ਆਈ ਕਮੀ ਦੇ ਮੱਦੇਨਜ਼ਰ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਅਤੇ ਬਾਕੀ ਦਿਨਾਂ ਵਿਚ ਲਗਾਇਆ ਗਿਆ ਕਰਫਿਊ ਹਟਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੋਮਵਾਰ ਤੋਂ ਇਨ ਡੋਰ 100 ਲੋਕ ਇਕੱਠੇ ਹੋ ਸਕਦੇ ਹਨ ਅਤੇ ਆਊਟ ਡੋਰ ਲਈ 200 ਲੋਕਾਂ ਦੇ ਇਕੱਠ ਦੀ ਇਜਾਜ਼ਤ ਦਿੱਤੀ ਗਈ ਹੈ।
ਪੰਜਾਬ ਵਿਚ ਕੋਰੋਨਾ ਨਾਈਟ ਕਰਫ਼ਿਊ ਅਤੇ ਵੀਕੈਂਡ ਕਰਫ਼ਿਊ ਸੋਮਵਾਰ ਤੋਂ ਖ਼ਤਮ ਹੋਣਗੇ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਕਾਲਜ ਅਤੇ ਕੋਚਿੰਗ ਸੈਂਟਰ ਖੁੱਲ੍ਹਣ ਦਾ ਐਲਾਨ ਕਰ ਦਿੱਤਾ ਹੈ। ਜਿਸ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਘੱਟੋ-ਘੱਟ ਕੋਰੋਨਾ ਵੈਕਸੀਨ ਦੀ ਇਕ ਡੋਜ਼ 15 ਦਿਨਾਂ ਪਹਿਲਾਂ ਲੱਗੀ ਹੋਣੀ ਚਾਹੀਦੀ ਹੈ।
ਇਸ ਦੇ ਨਾਲ ਹੀ ਸੂਬੇ ਦੇ ਸਕੂਲ ਅਜੇ ਬੰਦ ਰਹਿਣਗੇ।
ਮੁੱਖ ਮੰਤਰੀ ਨੇ ਕੋਵਿਡ ਨਿਯਮਾਂ ਨੂੰ ਤੋੜਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੀ ਸਮੀਖਿਆ ਕਰਦਿਆਂ ਇਹ ਫ਼ੈਸਲਾ ਲਿਆ। ਇਸ ਦੇ ਨਾਲ ਹੀ ਰਾਜ ਵਿਚ ਸਾਰੇ ਬਾਰ, ਰੈਸਟੋਰੈਂਟ, ਸਿਨੇਮਾ ਹਾਲ, ਸਵਿਮਿੰਗ ਪੂਲ, ਮਾਲ, ਸਪੋਰਟਸ ਕੰਪਲੈਕਸ ਆਦਿ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ।