ਫਾਜ਼ਿਲਕਾ: ਸੂਬਾ ਸਰਕਾਰ ਵੱਲੋਂ ਕੋਰੋਨਾ ਸਥਿਤੀ `ਚ ਸੁਧਾਰ ਦੇ ਮੱਦੇਨਜ਼ਰ ਸਕੂਲੀ ਵਿਦਿਆਰਥੀਆਂ ਬਾਰੇ ਜਾਰੀ ਹਦਾਇਤਾਂ ਅਨੁਸਾਰ ਅੱਜ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਸਕੂਲਾਂ `ਚ ਆਏ।ਇਸ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਡਾ. ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਨੇ ਦੱਸਿਆ ਕਿ ਤਕਰੀਬਨ ਪੰਜ ਮਹੀਨਿਆਂ ਲਈ ਬੰਦ ਰਹੇ ਸਕੂਲ ਮੁੜ ਤੋਂ ਪੂਰੀ ਤਰ੍ਹਾਂ ਖੁੱਲ ਗਏ ਹਨ।
ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ 2 ਅਗਸਤ ਤੋਂ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਸਕੂਲ ਆਉਣਾ ਸ਼ੁਰੂ ਕਰ ਦਿੱਤਾ ਹੈ ਜਦਕਿ ਦਸਵੀਂ ਤੋਂ ਬਾਰਵੀਂ ਤੱਕ ਦੀਆਂ ਸੀਨੀਅਰ ਜਮਾਤਾਂ ਦੇ ਵਿਦਿਆਰਥੀ 26 ਜੁਲਾਈ ਤੋਂ ਹੀ ਸਕੂਲ ਆ ਕੇ ਜਮਾਤ ਕਮਰਿਆਂ `ਚ ਆਫਲਈਨ ਪੜ੍ਹਾਈ ਕਰ ਰਹੇ ਹਨ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਵੱਲੋਂ ਵਿਦਿਆਰਥੀਆਂ ਦੀ ਸਕੂਲਾਂ `ਚ ਆਮਦ ਦੇ ਮੱਦੇਨਜ਼ਰ ਸਾਫ ਸਫਾਈ ਅਤੇ ਕੋਰੋਨਾ ਹਦਾਇਤਾਂ ਦੇ ਪਾਲਣ ਦੇ ਸਮੁੱਚੇ ਪ੍ਰਬੰਧ ਮੁਕੰਮਲ ਕੀਤੇ ਗਏ ਸਨ।ਸਕੂਲਾਂ ਵੱਲੋਂ ਜਮਾਤ ਕਮਰਿਆਂ ਦੀ ਸਾਫ ਸਫਾਈ ਕਰਵਾਉਣ ਦੇ ਨਾਲ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦੇ ਮੱਦੇਨਜ਼ਰ ਪ੍ਰਾਜੈਕਟਰ,ਐਲ.ਸੀ.ਡੀਜ਼ ਅਤੇ ਐਜੂਸੈਟ ਆਦਿ ਦੀ ਚਾਲੂ ਸਥਿਤੀ ਦੇ ਪ੍ਰਬੰਧ ਵੀ ਮੁਕੰਮਲ ਕੀਤੇ ਗਏ ਸਨ।
ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੀ ਸਿਹਤ ਸੰਭਾਲ ਵੀ ਸਕੂਲਾਂ ਦੀ ਪਹਿਲੀ ਤਰਜ਼ੀਹ ਰਹੇਗੀ। ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਮਾਪਿਆਂ ਅਤੇ ਸਮਾਜ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਕੋਰੋਨਾ ਤੋਂ ਬਚਾਅ ਦੀਆਂ ਹਦਾਇਤਾਂ ਦੇ ਪਾਲਣ ਲਈ ਜਾਗਰੂਕ ਕਰਦੇ ਰਹਿਣ ਲਈ ਕਿਹਾ ਗਿਆ ਹੈ।ਸਕੂਲ ਖੁੱਲਣ ਦੇ ਪਹਿਲੇ ਦਿਨ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਚਾਅ ਅਤੇ ਉਤਸ਼ਾਹ ਨਾਲ ਜਮਾਤ ਕਮਰਿਆਂ `ਚ ਪੜਾਈ ਸ਼ੁਰੂ ਕੀਤੀ ਗਈ।