ਚੰਡੀਗੜ੍ਹ/ਅੰਮ੍ਰਿਤਸਰ : ਚੰਡੀਗੜ੍ਹ ਵਿਖੇ ਪਟਵਾਰੀ ਭਰਤੀ ਪ੍ਰੀਖਿਆ ਦੇਣ ਗਏ ਅੰਮ੍ਰਿਤਧਾਰੀ ਉਮੀਦਵਾਰਾਂ ਨੂੰ ਕਕਾਰ ਉਤਾਰਨ ਲਈ ਮਜਬੂਰ ਕਰਨ ਦੀ ਚੁਫ਼ੇਰਿਓਂ ਨਿੰਦਾ ਹੋ ਰਹੀ ਹੈ। ਇਸ ਬਾਰੇ ਖਬਰ ਨੂੰ ਗਲੋਬਲ ਪੰਜਾਬ ਚੈਨਲ ‘ਤੇ ਪ੍ਰਮੁੱਖਤਾ ਨਾਲ ਨਸ਼ਰ ਕੀਤਾ ਗਿਆ ਸੀ, ਜਿਸਦਾ ਪ੍ਰਭਾਵ ਹੈ ਕਿ ਇਸ ਮਸਲੇ ‘ਤੇ ਐਸਜੀਪੀਸੀ ਨੇ ਸਖ਼ਤ ਨੋਟਿਸ ਲਿਆ ਹੈ। ਐਸਜੀਪੀਸੀ ਪ੍ਰਧਾਨ ਨੇ ਇਸ ਮਾਮਲੇ ‘ਚ ਮੁੱਖ ਮੰਤਰੀ ਨੂੰ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
https://youtu.be/gL_91e76X9o
ਪਟਵਾਰੀ ਦੀ ਭਰਤੀ ਲਈ ਚੰਡੀਗੜ੍ਹ ਦੇ ਸੈਕਟਰ 32 ’ਚ ਇਕ ਕਾਲਜ ਵਿਚ ਟੈਸਟ ਦੇਣ ਗਏ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਤੇ ਲੜਕੀਆਂ ਨੂੰ ਕਕਾਰ ਉਤਾਰਨ ਲਈ ਮਜਬੂਰ ਕਰਨ ਦੀ ਘਿਨਾਉਣੀ ਹਰਕਤ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖਤ ਨੋਟਿਸ ਲਿਆ ਹੈ। ਜਾਰੀ ਇਕ ਬਿਆਨ ’ਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਅੰਮ੍ਰਿਤਧਾਰੀ ਸਿੱਖ ਲਈ ਕਕਾਰ ਰਹਿਤ ਦਾ ਅਹਿਮ ਹਿੱਸਾ ਹਨ ਜਿਨ੍ਹਾਂ ਨੂੰ ਸਰੀਰ ਤੋਂ ਵੱਖ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਭਾਰਤ ਬਹੁ-ਧਰਮੀ ਦੇਸ਼ ਹੈ, ਜਿਸ ਦਾ ਸੰਵਿਧਾਨ ਹਰੇਕ ਨੂੰ ਆਪਣੇ ਆਪਣੇ ਧਰਮ ਅਨੁਸਾਰ ਰਹਿਣ ਦੀ ਇਜਾਜ਼ਤ ਦਿੰਦਾ ਹੈ। ਅਜਿਹੇ ਵਿਚ ਨੌਜਵਾਨਾਂ ਨੂੰ ਟੈਸਟ ਵਿਚ ਬੈਠਣ ਲਈ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਜੋ ਪੰਜਾਬ ਦਾ ਹਿੱਸਾ ਹੈ ਇਥੇ ਸਿੱਖਾਂ ਦੀਆਂ ਭਾਵਨਾਵਾਂ ਦੀ ਅਣਦੇਖੀ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਲਗਦਾ ਹੈ ਕਿ ਇਹ ਸਭ ਜਾਣਬੁੱਝ ਕੇ ਕੀਤਾ ਗਿਆ ਹੈ ਅਤੇ ਨੌਜਵਾਨਾਂ ਦੇ ਵਿਰੋਧ ਤੋਂ ਬਾਅਦ ਕੜੇ ਅਤੇ ਸ੍ਰੀ ਸਾਹਿਬ ਤੇ ਟੇਪਾਂ ਲਗਾ ਕੇ ਟੈਸਟ ਵਿਚ ਬੈਠਣ ਦੀ ਇਜਾਜਤ ਦਿੱਤੀ ਗਈ। ਬੀਬੀ ਜਗੀਰ ਕੌਰ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਤੋਂ ਸਬੰਧਤ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਕਿਹਾ ਕਿ ਪੰਜਾਬ ਦੀ ਰਾਜਧਾਨੀ ਵਿਚ ਅਜਿਹੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਉਹ ਵੀ ਇਸ ਤੇ ਸਖਤ ਕਾਰਵਾਈ ਕਰਨ।