ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ ): ਛੇਵੇਂ ਪੇਅ-ਕਮਿਸ਼ਨ ਦੀਆਂ ਸਿਫ਼ਾਰਸ਼ਾਂ ਪੂਰੀ ਤਰ੍ਹਾਂ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਸਾਂਝਾ ਮੁਲਾਜ਼ਮ ਸੰਘਰਸ਼ ਮੰਚ ਨੇ ਪੰਜਾਬ ਦੇ ਮੰਤਰੀਆਂ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਸੀ। ਸੈਕਟਰ 39 ‘ਚ ਜਿਵੇਂ ਹੀ ਇਕੱਠੇ ਹੋ ਕੇ ਮੁਲਾਜ਼ਮ ਮੰਤਰੀਆਂ ਦੇ ਘਰਾਂ ਦਾ ਘਿਰਾਉ ਕਰਨ ਪਹੁੰਚੇ ਤਾਂ ਮੁੱਖ ਰੋਡ ਉਤੇ ਹੀ ਬੈਰੀਕੇਡ ਲਗਾ ਕੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਜਦੋਂ ਉਹ ਬੈਰੀਕੇਡ ਪਾਰ ਕਰਨ ਲੱਗੇ ਤਾਂ ਚੰਡੀਗੜ੍ਹ ਪੁਲਿਸ ਨੇ ਹਲਕਾ ਲਾਠੀਚਾਰਜ ਕੀਤਾ ਅਤੇ ਪਾਣੀ ਦੀਆਂ ਬੁਛਾੜਾਂ ਵੀ ਛੱਡੀਆਂ ਗਈਆਂ।
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ, ਗੁਰਮੇਲ ਸਿੰਘ ਸਿੱਧੂ ਅਤੇ ਹੋਰਨਾਂ ਨੇ ਕਿਹਾ ਕਿ ਛੇਵੇਂ ਪੇਅ-ਕਮਿਸ਼ਨ ਦੀਆਂ ਸਿਫ਼ਾਰਸ਼ਾਂ ਪੂਰੀ ਤਰ੍ਹਾਂ ਲਾਗੂ ਕਰਨ ਤੋਂ ਸਰਕਾਰ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਪੇਅ-ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਤੋੜ ਮਰੋੜ ਕੇ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ਦੀਆਂ ਤਨਖਾਹਾਂ ਘੱਟ ਹੋ ਜਾਣਗੀਆਂ। ਆਗੂਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ 15 ਫ਼ੀਸਦੀ ਵਾਧੇ ਮੁਤਾਬਕ ਰਿਪੋਰਟ ਨੂੰ ਲਾਗੂ ਕਰਦੀ ਹੈ ਤਾਂ ਉਨ੍ਹਾਂ ਨੂੰ ਮਨਜ਼ੂਰ ਹੈ ਨਹੀਂ ਤਾਂ ਉਹ ਲਗਾਤਾਰ ਸੰਘਰਸ਼ ਕਰਦੇ ਰਹਿਣਗੇ।
ਲੰਮੀ ਖਿੱਚ ਧੂਹ ਤੋਂ ਬਾਅਦ ਮੁਲਾਜ਼ਮ ਜਥੇਬੰਦੀਆਂ ਨੇ ਮੰਗ ਪੱਤਰ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਸੌਂਪਿਆ ਅਤੇ ਉਨ੍ਹਾਂ ਆਪਣਾ ਰੋਸ ਵਿਖਾਵਾ ਸਮਾਪਤ ਕੀਤਾ।
ਮੁਲਾਜ਼ਮ ਆਗੂਆਂ ਨੇ ਕੈਪਟਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਐਲਾਨ ਕੀਤਾ ਕਿ ਭਵਿੱਖ ਵਿੱਚ ਉਹ ਲਗਾਤਾਰ ਰੋਸ ਪ੍ਰਗਟ ਕਰਦੇ ਰਹਿਣਗੇ।