ਹਰੀਸ਼ ਰਾਵਤ ਨੇ ਖ਼ਾਲੀ ਹੱਥ ਮੋੜੇ ਬਾਗ਼ੀ ਕਾਂਗਰਸੀ, ਸਿੱਧੂ ਦੀ ਵੀ ਲੱਗ ਸਕਦੀ ਹੈ ‘ਕਲਾਸ’ !

TeamGlobalPunjab
3 Min Read

ਦੇਹਰਾਦੂਨ/ਚੰਡੀਗੜ੍ਹ : ਲੀਡਰਸ਼ਿਪ ਬਦਲਣ ਦੀ ਮੰਗ ਲੈ ਕੇ ਦੇਹਰਾਦੂਨ ਪੁੱਜੇ ਪੰਜਾਬ ਕਾਂਗਰਸ ਦੇ ਬਾਗੀ ਮੰਤਰੀਆਂ, ਵਿਧਾਇਕਾਂ ਅਤੇ ਪੂਰੇ ਨਵਜੋਤ ਸਿੱਧੂ ਧੜੇ ਨੂੰ ਉਸ ਸਮੇਂ ਵੱਡਾ ਝੱਟਕਾ ਲੱਗਿਆ ਜਦੋਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਇਹ ਸਾਫ਼ ਕਰ ਦਿੱਤਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੀ ਲੜੀਆਂ ਜਾਣਗੀਆਂ।

ਮੁੱਖ ਮੰਤਰੀ ਦਾ ਚਿਹਰਾ ਬਦਲਣ ਦੀ ਮੰਗ ਕਰਨ ਵਾਲਿਆਂ ਨੂੰ ਝਟਕਾ ਦਿੰਦਿਆਂ ਰਾਵਤ ਨੇ ਕਿਹਾ ਕਿ ਇਸ ਗੱਲ ਨੂੰ ਵਾਰ-ਵਾਰ ਦੁਹਰਾਉਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਨੂੰ ਕੋਈ ਖਤਰਾ ਨਹੀਂ ਹੈ, ਪਰ ਰਾਜ ਅਤੇ ਜ਼ਿਲ੍ਹਾ ਪੱਧਰ ‘ਤੇ ਸਰਕਾਰ ਦੇ ਕੰਮਕਾਜ ਨੂੰ ਲੈ ਕੇ ਕੁਝ ਚਿੰਤਾਵਾਂ ਹਨ।

 

ਬਾਗੀ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੈਰਾਥਨ ਮੀਟਿੰਗ ਤੋਂ ਬਾਅਦ ਰਾਵਤ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਮਹੱਤਵਪੂਰਨ ਗੱਲਾਂ ਦੱਸੀਆਂ ਗਈਆਂ ਹਨ ਜਿਨ੍ਹਾਂ ਬਾਰੇ ਉਹ ਕਾਂਗਰਸ ਹਾਈ ਕਮਾਂਡ ਨੂੰ ਮਿਲਣ ਜਾਣਗੇ। ਰਾਵਤ ਨੇ ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨਾਲ ਫ਼ੋਨ ‘ਤੇ ਗੱਲਬਾਤ ਵੀ ਕੀਤੀ।

- Advertisement -

 

ਵੱਡੀ ਗੱਲ ਇਹ ਕਿ ਰਾਵਤ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਸਲਾਹਕਾਰਾਂ ਦੀ ਪਾਰਟੀ-ਵਿਰੋਧੀ ਅਤੇ ਦੇਸ਼-ਵਿਰੋਧੀ ਬਿਆਨਬਾਜ਼ੀ ‘ਤੇ ਕਾਬੂ ਰੱਖਣ ਲਈ ਕਿਹਾ ਗਿਆ ਹੈ।

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਵਤ ਨੇ ਕਿਹਾ ਕਿ ਪੰਜਾਬ ਦੇ ਕੁਝ ਮੰਤਰੀ ਅਤੇ ਵਿਧਾਇਕ ਉਨ੍ਹਾਂ ਨੂੰ ਮਿਲਣ ਆਏ ਸਨ। ਉਨ੍ਹਾਂ ਨੇ ਅਗਲੇ ਸਾਲ ਪੰਜਾਬ ਵਿੱਚ ਪਾਰਟੀ ਦੀ ਜਿੱਤ ਦੀਆਂ ਸੰਭਾਵਨਾਵਾਂ ਬਾਰੇ ਚਿੰਤਾ ਪ੍ਰਗਟ ਕੀਤੀ ਹੈ।

ਬਾਗੀਆਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਕਿਸੇ ਵੀ ਵਿਅਕਤੀ ਨਾਲ ਕੋਈ ਵਿਰੋਧ ਨਹੀਂ ਹੈ। ਉਨ੍ਹਾਂ ਨੇ ਰਾਜ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ਬਾਰੇ ਕੁਝ ਪ੍ਰਸ਼ਨ ਉਠਾਏ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਪਾਰਟੀ ਦੀ ਏਕਤਾ ਲਈ ਹਾਈਕਮਾਨ ‘ਤੇ ਭਰੋਸਾ ਵੀ ਪ੍ਰਗਟਾਇਆ ਹੈ। ਮੰਤਰੀਆਂ ਅਤੇ ਵਿਧਾਇਕਾਂ ਦੇ ਪਾਰਟੀ ਛੱਡਣ ਦੇ ਸਵਾਲ ‘ਤੇ ਰਾਵਤ ਨੇ ਕਿਹਾ ਕਿ ਅਜਿਹਾ ਕੁਝ ਨਹੀਂ ਹੋਵੇਗਾ। ਜਦੋਂ ਕੋਈ ਗੁੱਸੇ ਹੁੰਦਾ ਹੈ ਤਾਂ ਕੋਈ ਵੀ ਘਰ ਤੋਂ ਬਾਹਰ ਨਹੀਂ ਜਾਂਦਾ।

- Advertisement -

ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਇਸ ਪੂਰੀ ਖੇਡ ਵਿੱਚ ਨਵਜੋਤ ਸਿੰਘ ਸਿੱਧੂ ਦੀ ਭਰੋਸੇਯੋਗਤਾ ਸਵਾਲਾਂ ਦੇ ਘੇਰੇ ਵਿਚ ਆ ਚੁੱਕੀ ਹੈ। ਹਰੀਸ਼ ਰਾਵਤ ਨੇ ਸਿੱਧੂ ਦੇ ਸਲਾਹਕਾਰਾਂ ਤੋਂ ਪੱਲਾ ਝਾੜਦਿਆਂ ਕਿਹਾ ਕਿ ਕਾਂਗਰਸ ਦਾ ਉਨ੍ਹਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਜੇਕਰ ਉਨ੍ਹਾਂ ਦੇ ਬਿਆਨਾਂ ਨੇ ਕਾਂਗਰਸ ਪਾਰਟੀ ਅਤੇ ਦੇਸ਼ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ, ਤਾਂ ਉਨ੍ਹਾਂ ਵਿਰੁੱਧ ਢੁਕਵੀਂ ਕਾਰਵਾਈ ਕੀਤੀ ਜਾਵੇਗੀ।

ਰਾਵਤ ਨੇ ਸਪਸ਼ਟ ਕੀਤਾ ਕਿ ਨਵਜੋਤ ਸਿੱਧੂ ਨੂੰ ਵੀ ਇਸ ਬਾਰੇ ਦੱਸਿਆ ਗਿਆ ਹੈ ਕਿ ਉਹ ਉਨ੍ਹਾਂ ਨੂੰ ਕਾਬੂ ਵਿੱਚ ਰੱਖਣ। ਦੱਸ ਦਈਏ ਕਿ ਹਰੀਸ਼ ਰਾਵਤ ਨਾਲ ਮੀਟਿੰਗ ਵਿੱਚ ਪੰਜਾਬ ਦੇ 4 ਮੰਤਰੀ ਤ੍ਰਿਪਤ ਰਜਿੰਦਰ ਬਾਜਵਾ, ਸੁਖਜਿੰਦਰ ਰੰਧਾਵਾ, ਚਰਨਜੀਤ ਸਿੰਘ ਚੰਨੀ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਵਿਧਾਇਕ ਕੁਲਬੀਰ ਜ਼ੀਰਾ ਅਤੇ ਸੁਰਜੀਤ ਧੀਮਾਨ ਸ਼ਾਮਲ ਹੋਏ ਸਨ।

Share this Article
Leave a comment