ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਸਾਨ ਅੰਦੋਲਨ ਵਿੱਚ ਰਾਜਨੀਤਿਕ ਨੇਤਾਵਾਂ ਦੀ ਸ਼ਮੂਲੀਅਤ ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਕਿਸਾਨ ਅੰਦੋਲਨ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਵਿਰੋਧੀ ਪਾਰਟੀਆਂ ਵਲੋਂ ਇੱਕ ਸੋਚੀ-ਸਮਝੀ ਸਾਜਿਸ਼ ਦੇ ਤਹਿਤ ਚਲਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੋਗਾ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਤੋਂ ਬਾਅਦ, ਕਿਸਾਨ ਆਗੂਆਂ ਅਤੇ ਹੋਰ ਵਿਰੋਧੀ ਪਾਰਟੀਆਂ ਵੱਲੋਂ ਉਸ ਮਾਮਲੇ ਵਿੱਚ ਅੱਜ ਤੱਕ ਚੁੱਪ ਰਹਿਣਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਇਸ ਅੰਦੋਲਨ ਨੂੰ ਕਾਂਗਰਸ ਅਤੇ ਵਿਰੋਧੀ ਪਾਰਟੀਆਂ ਵਲੋਂ ਫੰਡਿੰਗ ਅਤੇ ਸਮਰਥਨ ਦਿੱਤਾ ਜਾ ਰਿਹਾ ਹੈI
ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਲਗਾਤਾਰ ਸੂਬਾ ਸਰਕਾਰ ਦੇ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਕਿਸਾਨ ਅੰਦੋਲਨ ਨੂੰ ਅੱਗੇ ਰਖ ਕੇ ਉਸਦੀ ਆੜ ਵਿੱਚ ਭਾਜਪਾ ਨੂੰ ਰੋਕਣ ਦੀ ਅਸਫਲ ਕੋਸ਼ਿਸ਼ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਕਿਸਾਨ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਲੈ ਕੇ ਅੰਦੋਲਨ ‘ਤੇ ਬੈਠੇ ਸਨ, ਜਦੋਂ ਕਿ ਅੱਜ ਇਸ ਦਾ ਮਕਸਦ ਕੁਝ ਹੋਰ ਹੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਗੁਆਂਡੀ ਸੂਬੇ ਹਰਿਆਣਾ ਵਿੱਚ ਸਰਕਾਰ ਵਲੋਂ 11 ਫਸਲਾਂ ‘ਤੇ ਘੱਟੋ ਘੱਟ ਸਮਰਥਨ ਮੁੱਲ ਦਿੱਤਾ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਕਿਸਾਨਾਂ ਨੂੰ ਬਹੁਤ ਕੁਝ ਦਿੱਤਾ ਜਾ ਰਿਹਾ ਹੈ। ਪਰ ਪੰਜਾਬ ਦੀ ਕਾਂਗਰਸ ਸਰਕਾਰ ਕਿਸੇ ਵੀ ਫਸਲ ਤੇ ਘੱਟੋ-ਘੱਟ ਸਮਰਥਨ ਮੁੱਲ ਨਹੀਂ ਦੇ ਰਹੀ ਹੈ। ਕਣਕ, ਝੋਨਾ ਜਾਂ ਕਪਾਹ ‘ਤੇ ਦਿੱਤਾ ਜਾ ਰਿਹਾ ਐਮਐਸਪੀ ਕੇਂਦਰ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਹੈ, ਇਸ ਵਿੱਚ ਪੰਜਾਬ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ।