ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨ ਜਥੇਬੰਦੀਆਂ ਦੀ ਮੰਗਾਂ ਸਬੰਧੀ ਇਕ ਖ਼ਤ ਲਿਖਿਆ ਹੈ।
ਸਿੱਧੂ ਵੱਲੋਂ ਲਿਖੇ ਖ਼ਤ ‘ਚ ਕਿਸਾਨਾਂ ’ਤੇ ਦਰਜ ਗਲਤ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ਵਿਚ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਅੰਦੋਲਨ ਦੌਰਾਨ ਹਿੰਸਾ ਦੇ ਮਾਮਲਿਆਂ ’ਚ ਕਿਸਾਨ ਯੂਨੀਅਨਾਂ ’ਤੇ ਦਰਜ ਕੀਤੀਆਂ ਗਈਆਂ ਨਾਜਾਇਜ਼ ਐੱਫ. ਆਈ. ਆਰਜ਼. ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੀ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਹੈ ਅਤੇ ਸਾਡੀ ਸਰਕਾਰ ਨੇ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਦਾ ਹਮੇਸ਼ਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਐੱਮ. ਐੱਸ. ਪੀ. ਦਾ ਦਾਇਰਾ ਵੀ ਵਧਾਉਣਾ ਚਾਹੀਦਾ ਹੈ।
ਸਿੱਧੂ ਨੇ ਕਿਹਾ ਕਿ ਕਿਸਾਨ ਜ਼ਮੀਨ ਦੇ ਰਿਕਾਰਡ ਦੀ ਮੰਗ ਤੋਂ ਵੀ ਡਰਦੇ ਹਨ। ‘ਫਰਦ’, ਕੇਂਦਰ ਸਰਕਾਰ ਦੇ ਹੁਕਮ ਅਨੁਸਾਰ ਖਰੀਦ ਤੋਂ ਪਹਿਲਾਂ ਜ਼ਮੀਨ ਦੀ ਮਾਲਕੀ ਦੇ ਵੇਰਵਿਆਂ ਦਾ ਹਿਸਾਬ ਮੰਗਣਾ ਬੇਇਨਸਾਫ਼ੀ ਹੈ ਅਤੇ ਮੈਂ ਨਿੱਜੀ ਤੌਰ ’ਤੇ ਮੰਨਦਾ ਹਾਂ ਕਿ ਇਹ ਗਲ਼ਤ ਹੈ ਅਤੇ ਕਿਸਾਨਾਂ ਦੇ ਵਿਰੁੱਧ ਹੈ। ਇਹ ਇਕ ਤਰ੍ਹਾਂ ਨਾਲ ਆੜ੍ਹਤੀਆਂ ਦੇ ਹੱਕਾਂ ’ਤੇ ਵੀ ਹਮਲਾ ਹੈ।
ਸਿੱਧੂ ਨੇ ਲਿਖਿਆ ਕਿ ਕੇਂਦਰ ਸਰਕਾਰ ਅਸਲ ਵਿਚ “ਏਕ ਰਾਸ਼ਟਰ ਦੋ ਬਾਜ਼ਾਰ” ਨੀਤੀ ਬਣਾ ਰਹੀ ਹੈ ਅਤੇ ਏ. ਪੀ. ਐਮ. ਸੀ (APMC) ਅਤੇ ਪ੍ਰਾਈਵੇਟ ਬਾਜ਼ਾਰਾਂ ਲਈ ਵੱਖਰੇ ਨਿਯਮਾਂ ਨਾਲ ਬਾਜ਼ਾਰ ਤਿਆਰ ਕਰ ਰਹੀ ਹੈ, ਲਿਹਾਜ਼ਾ ਸਾਨੂੰ ਇਸ ਵਿਰੁੱਧ ਲੜਨਾ ਚਾਹੀਦਾ ਹੈ।